
ਪੰਜਾਬ/ ਪਾਕਿਸਤਾਨ, 5 ਜਨਵਰੀ (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਤੋਂ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਬਜੀਤ ਕੌਰ, ਜੋ ਧਰਮ ਪਰਿਵਰਤਨ ਤੋਂ ਬਾਅਦ ਨੂਰ ਹੁਸੈਨ ਨਾਮ ਰੱਖ ਚੁੱਕੀ ਹੈ, ਨੂੰ ਉਸਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੂਤਰਾਂ ਅਨੁਸਾਰ, ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਇੰਟੈਲੀਜੈਂਸ ਬਿਊਰੋ ਡਿਵੀਜ਼ਨ ਦੀ ਟੀਮ ਨੇ ਨਨਕਾਣਾ ਸਾਹਿਬ ਦੇ ਪਿੰਡ ਪਹੇੜਵਾਲੀ ਵਿੱਚ ਛਾਪਾ ਮਾਰ ਕੇ ਦੋਵੇਂ ਨੂੰ ਹਿਰਾਸਤ ਵਿੱਚ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਰਬਜੀਤ ਕੌਰ ਨੂੰ ਭਾਰਤ ਡਿਪੋਰਟ ਕਰਨ ਦੀ ਪ੍ਰਕਿਰਿਆ ਵੀ ਚਲ ਰਹੀ ਹੈ।
ਗੌਰਤਲਬ ਹੈ ਕਿ ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ 4 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਸਿੱਖ ਜੱਥੇ ਨਾਲ ਪਾਕਿਸਤਾਨ ਗਈ ਸੀ। ਉੱਥੇ ਪਹੁੰਚ ਕੇ ਉਹ ਸਮੂਹ ਤੋਂ ਵੱਖ ਹੋ ਗਈ ਅਤੇ ਅਗਲੇ ਦਿਨ ਇਸਲਾਮ ਧਰਮ ਕਬੂਲ ਕਰਕੇ ਨਾਸਿਰ ਹੁਸੈਨ ਨਾਲ ਵਿਆਹ ਕਰਵਾ ਲਿਆ ਸੀ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਪੱਖ 2016 ਤੋਂ ਟਿਕਟੌਕ ਦੇ ਜ਼ਰੀਏ ਸੰਪਰਕ ਵਿੱਚ ਸਨ। ਇਸ ਮਾਮਲੇ ਨੇ ਸਰਹੱਦ ਪਾਰ ਵਿਆਹਾਂ ਅਤੇ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ।







