ਹਰਿਆਣਾ: ਹਰਿਆਣਾ ਵਿੱਚ 6500 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ, ਜਿਸ ਵਿੱਚੋਂ ਲਗਭਗ 80 ਪ੍ਰਤੀਸ਼ਤ ਕੰਮਾਂ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਮਾਨਸੂਨ ਤੋਂ ਬਾਅਦ ਇਸ ਕੰਮ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਇਸ ਸੰਦਰਭ ਵਿੱਚ, ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਬੀਤੇ ਦਿਨ ਪੰਚਕੂਲਾ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ।
ਪੰਚਕੂਲਾ ਵਿੱਚ ਮੰਤਰੀ ਨਾਲ ਮੀਟਿੰਗ ਵਿੱਚ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਐਕਸੀਅਨ, ਐਸ.ਡੀ.ਓ ਅਤੇ ਜੇ.ਈ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ, ਮੰਤਰੀ ਨੇ ਸਾਰੇ ਜ਼ਿਲ੍ਹਾ-ਵਾਰ ਪ੍ਰੋਜੈਕਟਾਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਮੀਟਿੰਗ ਵਿੱਚ ਹਦਾਇਤ ਕੀਤੀ ਕਿ ਰਾਜ ਦੀਆਂ ਲਗਭਗ 3500 ਕਿਲੋਮੀਟਰ ਸੜਕਾਂ ਨੂੰ 18 ਫੁੱਟ ਤੱਕ ਚੌੜਾ ਕਰਨ ਦੀ ਯੋਜਨਾ ‘ਤੇ ਕੰਮ ਤੇਜ਼ੀ ਨਾਲ ਕੀਤਾ ਜਾਵੇ। ਜਿਸ ਨਾਲ ਆਵਾਜਾਈ ਵਿੱਚ ਸਹੂਲਤ ਹੋਵੇਗੀ ਅਤੇ ਸੜਕ ਸੁਰੱਖਿਆ ਵਿੱਚ ਸੁਧਾਰ ਹੋਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਬਣਨ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਇਮਾਰਤਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਸਮੱਗਰੀ, ਡਿਜ਼ਾਈਨ ਅਤੇ ਕੰਮ ਕਰਨ ਦੇ ਢੰਗ ਦੀ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।







