ਚੰਡੀਗੜ੍ਹ, 28 ਜਨਵਰੀ 2026:
ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ ਗੜੇਮਾਰੀ ਕਾਰਨ ਸੂਬੇ ਭਰ ਵਿੱਚ ਠੰਢ ਹੋਰ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਵਿੱਚ 3.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਹੁਣ ਆਮ ਨਾਲੋਂ ਲਗਭਗ 4.9 ਡਿਗਰੀ ਘੱਟ ਚੱਲ ਰਿਹਾ ਹੈ।
ਸੂਬੇ ਦੇ ਬਠਿੰਡਾ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅੱਜ ਤੋਂ 30 ਜਨਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਤਿੰਨ ਦਿਨ ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਦੌਰ ਜਾਰੀ ਰਹੇਗਾ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਅੱਜ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਕੁਝ ਥਾਵਾਂ ’ਤੇ ਠੰਢੀ ਲਹਿਰ ਚੱਲਣ ਦੀ ਸੰਭਾਵਨਾ ਹੈ।
ਹਾਲਾਂਕਿ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਧੁੰਦ ਦੌਰਾਨ ਯਾਤਰਾ ਕਰਦੇ ਸਮੇਂ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ।







