ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 6 ਫਰਵਰੀ ਤੱਕ ਲਈ ਅਹਿਮ ਭਵਿੱਖਬਾਣੀ ਜਾਰੀ ਕਰਦਿਆਂ ਸੂਬੇ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਸਵੇਰੇ ਅਤੇ ਸ਼ਾਮ ਦੇ ਸਮੇਂ ਧੁੰਦ ਕਾਫ਼ੀ ਘਣੀ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਵੇਰੇ ਸਮੇਂ ਦ੍ਰਿਸ਼ਟਤਾ (ਵਿਜ਼ੀਬਿਲਟੀ) ਜ਼ੀਰੋ ਦਰਜ ਕੀਤੀ ਗਈ।
ਤਾਪਮਾਨਾਂ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਨੇ ਦੱਸਿਆ ਕਿ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਅੰਮ੍ਰਿਤਸਰ ਵਿੱਚ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਮੁਤਾਬਕ 2 ਫਰਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਦੀ ਉਮੀਦ ਨਹੀਂ ਹੈ।
ਇਨ੍ਹਾਂ 15 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ
ਮੌਸਮ ਵਿਭਾਗ ਅਨੁਸਾਰ 2 ਅਤੇ 3 ਫਰਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਫਾਜ਼ਿਲਕਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
4 ਫਰਵਰੀ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ, ਹਾਲਾਂਕਿ ਮੌਸਮ ਖੁਸ਼ਕ ਰਹੇਗਾ। 5 ਅਤੇ 6 ਫਰਵਰੀ ਨੂੰ ਮੀਂਹ ਜਾਂ ਧੁੰਦ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਸੰਬੰਧੀ ਅਪਡੇਟਸ ’ਤੇ ਧਿਆਨ ਰੱਖਣ ਅਤੇ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਵਧੇਰੇ ਸਾਵਧਾਨੀ ਵਰਤਣ।







