ਚੰਡੀਗੜ੍ਹ, 21 ਫਰਵਰੀ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਨੌਜਵਾਨਾਂ ਦੀ ਨਵੀਂ ਸੋਚ ਅਤੇ ਸਕਾਰਾਤਮਕ ਊਰਜਾ ਸੂਬੇ ਅਤੇ ਦੇਸ਼ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ। ਉਹ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋਈ ਹੈ, ਜਿਸ ਦਾ ਮਾੜਾ ਪ੍ਰਭਾਵ ਨੌਜਵਾਨ ਪੀੜ੍ਹੀ ‘ਤੇ ਪਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ ਲਈ ਸਾਈਕਲੋਥਾਨ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਿੱਸਾ ਲੈ ਰਹੇ ਹਨ। ਨਜਾਇਜ਼ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ। ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।
ਵਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਕੇ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣਾ ਅਹਿਮ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਸ਼ਵ ਪੱਧਰ ‘ਤੇ ਮਾਣ ਪ੍ਰਾਪਤ ਕੀਤਾ ਹੈ। ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਸੜਕਾਂ ਅਤੇ ਰਾਸ਼ਟਰੀ ਰਾਜਮਾਰਗਾਂ ਦੇ ਵਿਸਥਾਰ ਨਾਲ ਵਿਕਾਸ ਨੂੰ ਗਤੀ ਮਿਲੀ ਹੈ। ਰੁਜ਼ਗਾਰ ਸਬੰਧੀ ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਯੋਜਨਾਵਾਂ ਰਾਹੀਂ ਸਵੈ-ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 37,000 ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਹਾਲ ਹੀ ਵਿੱਚ 12,500 ਅਹੁਦਿਆਂ ਲਈ ਭਰਤੀਆਂ ਜਾਰੀ ਕੀਤੀਆਂ ਗਈਆਂ ਹਨ।
ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ, ਪੈਰਾਲੰਪਿਕ ਅਤੇ ਏਸ਼ੀਅਨ ਗੇਮਜ਼ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਨਾਲ ਹੀ ਵਿਦੇਸ਼ ਸਹਿਯੋਗ ਵਿਭਾਗ ਦੀ ਸਥਾਪਨਾ ਕਰਕੇ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਸ਼ਕਤੀਸ਼ਾਲੀ ਬਣਾਕੇ ਸੂਬੇ ਅਤੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਾ ਹੈ।







