Homeਪੰਜਾਬਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ...

ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ

ਸਿਹਤ ਮੰਤਰੀ ਵੱਲੋਂ ਹਸਪਤਾਲ ਦਾ ਜਾਇਜ਼ਾ

ਧੂਰੀ, 03 ਮਾਰਚ:(ਦੀਪਕ ਦੱਤਾ)

ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਅਧੁਨਿਕ ਇਮਾਰਤ ਲਗਭਗ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰ ਲਈ ਗਈ ਹੈ, ਜਿਸ ਨੂੰ ਬਹੁਤ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਅਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਧੂਰੀ ਦਾ ਦੌਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।

ਸਿਹਤ ਮੰਤਰੀ ਨੇ ਹਸਪਤਾਲ ਵਿੱਚ ਮੌਜੂਦ ਮੈਡੀਕਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਹਸਪਤਾਲ ਦੀਆਂ ਸਹੂਲਤਾਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਅਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਪ੍ਰਾਪਤ ਹੋ ਸਕਣ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਕਰੋੜਾਂ ਲੋਕਾਂ ਨੇ ਮੁਫ਼ਤ ਦਵਾਈਆਂ ਅਤੇ ਇਲਾਜ ਦੀ ਸਹੂਲਤ ਲਈ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਨਾ ਇੱਕ ਇਤਿਹਾਸਕ ਅਤੇ ਲੋਕ-ਹਿਤੈਸ਼ੀ ਕਦਮ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਧੂਰੀ ਵਿਖੇ ਹਸਪਤਾਲ ਦੀ ਨਵੀਂ ਇਮਾਰਤ ਦੇ ਉਦਘਾਟਨ ਤੋਂ ਬਾਅਦ ਪੁਰਾਣੀ ਇਮਾਰਤ ਦੀ ਵੀ ਵਿਧਿਵਤ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵੀਂ ਇਮਾਰਤ ਨੂੰ ਆਧੁਨਿਕ ਮੈਡੀਕਲ ਉਪਕਰਣਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਗੰਭੀਰ ਤੋਂ ਗੰਭੀਰ ਬਿਮਾਰੀਆਂ ਦਾ ਇਲਾਜ ਸਥਾਨਕ ਪੱਧਰ ‘ਤੇ ਹੀ ਸੰਭਵ ਹੋ ਸਕੇਗਾ।

ਮੀਡੀਆ ਵੱਲੋਂ ਹਸਪਤਾਲ ਵਿੱਚ ਦਵਾਈਆਂ ਦੀ ਚੋਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਬਲਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਹਸਪਤਾਲ ਦੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਵਿਭਾਗ ਵਿੱਚ ਬਕਾਇਆ ਤਰੱਕੀਆਂ ਜਲਦ ਪੂਰੀਆਂ ਕਰ ਕੇ ਖਾਲੀ ਅਸਾਮੀਆਂ ’ਤੇ ਐੱਸ.ਐਮ.ਓਜ਼. ਦੀ ਨਿਯੁਕਤੀ ਕੀਤੀ ਜਾਵੇਗੀ, ਤਾਂ ਜੋ ਸਿਹਤ ਸੇਵਾਵਾਂ ਵਿੱਚ ਕੋਈ ਕਮੀ ਨਾ ਰਹੇ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਨਰੇਸ਼ ਸਿੰਗਲਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਐਸ.ਜੇ. ਸਿੰਘ, ਪੁਸ਼ਪਿੰਦਰ ਸ਼ਰਮਾ, ਸਿਵਲ ਸਰਜਨ ਡਾ. ਅਮਰਜੀਤ ਕੌਰ, ਐੱਸ.ਐਮ.ਓ. ਜਸਦੀਪ ਸਿੰਘ, ਡਾ. ਨਰਾਇਣ ਸਿੰਘ, ਕੁਲਜੀਤ ਧਵਨ, ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments