Homeਪੰਜਾਬਆਮ ਆਦਮੀ ਪਾਰਟੀ ਨੇ ਹਰੇਕ ਵਰਗ ਨੂੰ ਦਿੱਤੀ ਬਣਦੀ ਨੁਮਾਇੰਦਗੀ:

ਆਮ ਆਦਮੀ ਪਾਰਟੀ ਨੇ ਹਰੇਕ ਵਰਗ ਨੂੰ ਦਿੱਤੀ ਬਣਦੀ ਨੁਮਾਇੰਦਗੀ:

ਧੂਰੀ/ਸ਼ੇਰਪੁਰ, 5 ਮਾਰਚ:(ਬਲਜੀਤ ਸਰਨਾ)

 

ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਅੱਜ ਐਸ.ਡੀ.ਐਮ ਦਫ਼ਤਰ ਧੂਰੀ ਵਿਖੇ ਬਲਾਕ ਸੰਮਤੀ ਮੈਂਬਰਾਂ ਦੀ ਮੌਜੂਦਗੀ ਵਿੱਚ ਕਰਵਾਈ ਗਈ। ਚੋਣ ਪ੍ਰਕਿਰਿਆ ਦੌਰਾਨ ਸੰਮਤੀ ਮੈਂਬਰਾਂ ਵੱਲੋਂ ਚਰਨ ਸਿੰਘ ਨੂੰ ਬਲਾਕ ਸੰਮਤੀ ਸ਼ੇਰਪੁਰ ਦਾ ਚੇਅਰਮੈਨ ਅਤੇ ਰਮਨਦੀਪ ਕੌਰ ਨੂੰ ਵਾਈਸ ਚੇਅਰਪਰਸਨ ਚੁਣਿਆ ਗਿਆ।

ਇਸ ਮੌਕੇ ਬਲਾਕ ਸੰਮਤੀ ਮੈਂਬਰਾਂ ਅਤੇ ਹਾਜ਼ਰ ਪਤਵੰਤੇ ਸੱਜਣਾਂ ਵੱਲੋਂ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਅਗਵਾਈ ਹੇਠ ਬਲਾਕ ਸੰਮਤੀ ਖੇਤਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਰਾਹੀਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ, ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਤੌਰ ‘ਤੇ ਕੰਮ ਕੀਤਾ ਜਾਵੇਗਾ।

ਚੇਅਰਮੈਨ ਚੁਣੇ ਜਾਣ ਉਪਰੰਤ ਚਰਨ ਸਿੰਘ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ, ਬਲਾਕ ਸੰਮਤੀ ਮੈਂਬਰਾਂ, ਪਾਰਟੀ ਆਗੂਆਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 2013 ਤੋਂ ਆਮ ਆਦਮੀ ਪਾਰਟੀ ਨਾਲ ਵਲੰਟੀਅਰ ਵਜੋਂ ਜੁੜੇ ਹੋਏ ਹਨ ਅਤੇ ਬਲਾਕ ਪ੍ਰਧਾਨ ਐਸਸੀ ਵਿੰਗ ਵਜੋਂ ਵੀ ਪਾਰਟੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਰੇਕ ਵਰਗ ਨੂੰ ਯੋਗ ਨੁਮਾਇੰਦਗੀ ਦੇ ਕੇ ਬਣਦਾ ਮਾਣ ਅਤੇ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ ਅਤੇ ਬਲਾਕ ਸੰਮਤੀ ਸ਼ੇਰਪੁਰ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਲਈ ਤਰਜੀਹੀ ਅਧਾਰ ‘ਤੇ ਕੰਮ ਕੀਤਾ ਜਾਵੇਗਾ।

ਇਸ ਦੌਰਾਨ ਵਾਈਸ ਚੇਅਰਪਰਸਨ ਚੁਣੀ ਗਈ ਰਮਨਦੀਪ ਕੌਰ ਨੇ ਵੀ ਬਲਾਕ ਸੰਮਤੀ ਮੈਂਬਰਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਬਲਾਕ ਪ੍ਰਧਾਨ ਐਸਸੀ ਵਿੰਗ ਵੂਮੈਨ ਵਜੋਂ ਵੀ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਸੇਵਾਵਾਂ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਮਹੱਤਵਪੂਰਨ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਚੇਅਰਮੈਨ ਤੇ ਹੋਰ ਸੰਮਤੀ ਮੈਂਬਰਾਂ ਨਾਲ ਮਿਲ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ।

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਦੇ ਮਾਧਿਅਮ ਨਾਲ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਖੇਤਰ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments