ਡੱਬਵਾਲੀ: ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਨੇੜਲੇ ਪਿੰਡ ਅਹਿਮਦਪੁਰ ਦਾਰੇਵਾਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਜ਼ਮੀਨ ਦੇ ਝਗੜੇ ਨੇ ਖੂਨੀ ਰੂਪ ਧਾਰ ਲਿਆ। ਇੱਕ ਪੁੱਤਰ ਨੇ ਆਪਣੇ ਹੀ 65 ਸਾਲਾ ਪਿਤਾ ਜਸਵੰਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਮਿਲੀ ਜਾਣਕਾਰੀ ਅਨੁਸਾਰ ਐਤਵਾਰ ਰਾਤ ਲਗਭਗ 9:30 ਵਜੇ ਜਦੋਂ ਜਸਵੰਤ ਸਿੰਘ ਆਪਣੇ ਘਰ ਵਾਪਸ ਆ ਰਹੇ ਸਨ, ਤਾਂ ਉਨ੍ਹਾਂ ਦੇ ਪੁੱਤਰ ਰਾਮ ਸਿੰਘ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ‘ਤੇ ਅਚਾਨਕ ਹਮਲਾ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਪਹਿਲਾਂ ਜੀਪ ਨਾਲ ਟੱਕਰ ਮਾਰ ਕੇ ਉਨ੍ਹਾਂ ਨੂੰ ਡਿੱਗਾਇਆ ਗਿਆ ਅਤੇ ਫਿਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਸੱਟਾਂ ਕਾਰਨ ਜਸਵੰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹੋਰ ਹੈਰਾਨੀਜਨਕ ਗੱਲ ਇਹ ਰਹੀ ਕਿ ਹਮਲੇ ਤੋਂ ਬਾਅਦ ਜਸਵੰਤ ਸਿੰਘ ਲਗਭਗ ਦੋ ਘੰਟੇ ਤੱਕ ਗਲੀ ਵਿੱਚ ਤੜਫਦੇ ਰਹੇ ਪਰ ਕਿਸੇ ਨੇ ਉਨ੍ਹਾਂ ਨੂੰ ਹਸਪਤਾਲ ਨਹੀਂ ਪਹੁੰਚਾਇਆ। ਬਾਅਦ ਵਿੱਚ ਗਸ਼ਤ ਕਰ ਰਹੀ ‘ਡਾਇਲ 112’ ਪੁਲਿਸ ਟੀਮ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿਤਾ-ਪੁੱਤਰ ਵਿਚਕਾਰ ਲੰਮੇ ਸਮੇਂ ਤੋਂ ਲਗਭਗ ਸਾਢੇ ਤਿੰਨ ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਰਾਮ ਸਿੰਘ ਆਪਣੇ ਹਿੱਸੇ ਤੋਂ ਇਲਾਵਾ ਆਪਣੀ ਵਿਆਹੁਤਾ ਭੈਣ ਅਤੇ ਮਾਨਸਿਕ ਤੌਰ ‘ਤੇ ਕਮਜ਼ੋਰ ਭਰਾ ਦੇ ਹਿੱਸੇ ‘ਤੇ ਵੀ ਕਬਜ਼ਾ ਕਰਨਾ ਚਾਹੁੰਦਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੱਬਵਾਲੀ ਸਦਰ ਥਾਣੇ ਦੇ ਐਸਐਚਓ ਸ਼ੈਲੇਂਦਰ ਕੁਮਾਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮੁੱਖ ਦੋਸ਼ੀ ਰਾਮ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਸਾਰੇ ਦੋਸ਼ੀ ਫਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।









