Homeਪੰਜਾਬਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀਆਂ ਪੀ.ਏ.ਯੂ. ਵੱਲੋਂ ਪ੍ਰਮਾਣਿਤ ਕਿਸਮਾਂ ਦੀ...

ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀਆਂ ਪੀ.ਏ.ਯੂ. ਵੱਲੋਂ ਪ੍ਰਮਾਣਿਤ ਕਿਸਮਾਂ ਦੀ ਕਾਸ਼ਤ ਕਰਨ: ਡਾ. ਮਨਦੀਪ ਸਿੰਘ

* ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ ਲਈ ਕੀਤਾ ਜਾ ਰਿਹਾ ਜਾਗਰੂਕ
ਸੰਗਰੂਰ, 25 ਮਈ 2026 (ਛਤਰਪਾਲ ਸਿੰਘ): ਪੰਜਾਬ ਵਿੱਚ ਲਗਾਤਾਰ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਖੇਤੀ ਖਰਚੇ ਘਟਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਅਤੇ ਪ੍ਰਮਾਣਿਤ ਕਿਸਮਾਂ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕ੍ਰਿਸ਼ੀ ਵਿਗਿਆਨ ਕੇਂਦਰ (KVK) ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਬਹੁਤ ਵੱਧ ਲੋੜ ਹੁੰਦੀ ਹੈ, ਇਸ ਲਈ ਕਿਸਾਨਾਂ ਨੂੰ ਅਜਿਹੀਆਂ ਕਿਸਮਾਂ ਦੀ ਚੋਣ ਕਰਨੀ ਚਾਹੀਦੀ ਹੈ ਜੋ ਖੇਤ ਵਿੱਚ ਘੱਟ ਸਮਾਂ ਲੈਣ ਅਤੇ ਪਾਣੀ ਦੀ ਖਪਤ ਵੀ ਘੱਟ ਕਰਨ। ਪੀ.ਏ.ਯੂ. ਵੱਲੋਂ ਤਿਆਰ ਕੀਤੀਆਂ ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਖੇਤ ਵਿੱਚ ਪਨੀਰੀ ਲਾਉਣ ਤੋਂ ਬਾਅਦ 93 ਤੋਂ 110 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਇਨ੍ਹਾਂ ਕਿਸਮਾਂ ਦੀ ਖਾਸੀਅਤ ਇਹ ਵੀ ਹੈ ਕਿ ਇਨ੍ਹਾਂ ਦੀ ਪਰਾਲੀ ਘੱਟ ਹੁੰਦੀ ਹੈ, ਜਿਸ ਨਾਲ ਕਣਕ ਦੀ ਬਿਜਾਈ ਵੇਲੇ ਬਿਨਾਂ ਅੱਗ ਲਗਾਏ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨਾ ਸੌਖਾ ਹੋ ਜਾਂਦਾ ਹੈ।
ਲੰਮੇ ਸਮੇਂ ਵਾਲੀਆਂ ਕਿਸਮਾਂ ਤੋਂ ਗੁਰੇਜ਼ ਕਰਨ ਦੀ ਸਲਾਹ
* ਪੂਸਾ 44 ਅਤੇ ਪੀਲੀ ਪੂਸਾ ਵਰਗੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਤੋਂ ਗੁਰੇਜ਼ ਕਰਨ ਦੀ ਅਪੀਲ
ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੰਮੇਂ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਜਿਵੇਂ ਕਿ ਪੂਸਾ 44 ਅਤੇ ਪੀਲੀ ਪੂਸਾ ਆਦਿ ਬੀਜਣ ਤੋਂ ਗੁਰੇਜ਼ ਕਰਨ। ਇਹ ਕਿਸਮਾਂ ਲੁਆਈ ਤੋਂ ਬਾਅਦ ਪੱਕਣ ਲਈ 130 ਤੋਂ 135 ਦਿਨਾਂ ਦਾ ਲੰਮਾ ਸਮਾਂ ਲੈਂਦੀਆਂ ਹਨ, ਜਿਸ ਕਾਰਨ ਇਨ੍ਹਾਂ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਪੈਂਦੀ ਹੈ ਅਤੇ ਧਰਤੀ ਹੇਠਲੇ ਪਾਣੀ ‘ਤੇ ਬੋਝ ਵਧਦਾ ਹੈ।
ਪ੍ਰਮਾਣਿਤ ਕਿਸਮਾਂ ਦੀਆਂ ਵਿਸ਼ੇਸ਼ਤਾਵਾਂ:
ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਮੁੱਖ ਤੌਰ ‘ਤੇ ਹੇਠ ਲਿਖੀਆਂ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ:
  • ਪੀ ਆਰ 133 (ਨਵੀਂ ਕਿਸਮ): ਇਹ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਹੈ ਜੋ ਲਵਾਈ ਤੋਂ ਬਾਅਦ 110 ਦਿਨਾਂ ਵਿੱਚ ਪੱਕਦੀ ਹੈ। ਇਸ ਦਾ ਔਸਤ ਝਾੜ 33.0 ਕੁਇੰਟਲ ਪ੍ਰਤੀ ਏਕੜ ਹੈ। ਕੁਆਲਿਟੀ ਪੱਖੋਂ ਵੀ ਇਹ ਬਹੁਤ ਵਧੀਆ ਹੈ, ਜਿਸ ਵਿੱਚ ਕੁੱਲ ਚੌਲ 68.05 ਪ੍ਰਤੀਸ਼ਤ ਅਤੇ ਸਾਬਤ ਚੌਲ 62.03 ਪ੍ਰਤੀਸ਼ਤ ਨਿਕਲਦੇ ਹਨ।
  • ਪੀ ਆਰ 126: ਇਹ ਸਭ ਤੋਂ ਘੱਟ ਸਮਾਂ ਲੈਣ ਵਾਲੀ ਕਿਸਮ ਹੈ, ਜੋ ਲੁਆਈ ਤੋਂ ਬਾਅਦ ਸਿਰਫ਼ 93 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ 30 ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀ ਹੈ।
  • ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਆਰ 132, ਪੀ ਆਰ 131, ਪੀ ਆਰ 128 ਅਤੇ ਪੀ ਆਰ 114 ਕਿਸਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਨੀਰੀ ਬੀਜਣ ਦਾ ਸਹੀ ਸਮਾਂ ਅਤੇ ਬੀਜ ਦੀ ਉਪਲਬਧਤਾ
ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਦਰਮਿਆਨੇ ਸਮੇਂ ਦੀਆਂ ਕਿਸਮਾਂ ਦੀ ਪਨੀਰੀ 20 ਤੋਂ 25 ਮਈ ਦੇ ਦਰਮਿਆਨ ਬੀਜਣੀ ਚਾਹੀਦੀ ਹੈ, ਜਦਕਿ ਘੱਟ ਸਮੇਂ ਵਾਲੀ ਕਿਸਮ ‘ਪੀ ਆਰ 126’ ਦੀ ਪਨੀਰੀ 25 ਮਈ ਤੋਂ 20 ਜੂਨ ਤੱਕ ਬੀਜੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਇਨ੍ਹਾਂ ਸਾਰੀਆਂ ਪ੍ਰਮਾਣਿਤ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਹਫ਼ਤੇ ਦੇ ਸਾਰੇ ਦਿਨ ਉਪਲਬਧ ਹਨ। ਕੇਂਦਰ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਲਗਾਤਾਰ ਲਿਟਰੇਚਰ ਅਤੇ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਪਾਣੀ ਦੀ ਬੱਚਤ ਦੇ ਨਾਲ-ਨਾਲ ਖੇਤੀ ਦੀ ਲਾਗਤ (ਖਰਚਾ) ਵੀ ਘਟਾਈ ਜਾ ਸਕੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments