ਬਾਂਦਾ (ਉੱਤਰ ਪ੍ਰਦੇਸ਼):26ਮਈ (ਛਤਰਪਾਲ ਸਿੰਘ):
ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਆਹਮੋ-ਸਾਹਮਣੇ ਟੱਕਰ ਵਿੱਚ ਤਿੰਨ ਭਰਾਵਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਲਲਿਤਪੁਰ ਜ਼ਿਲ੍ਹੇ ਦੇ ਸਦਰ ਖੇਤਰ ਦੇ ਪੁਲਿਸ ਖੇਤਰ ਅਧਿਕਾਰੀ (CO) ਸੁਨੀਲ ਭਾਰਦਵਾਜ ਨੇ ਅੱਜ ਮੰਗਲਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਪੁਸ਼ਟੀ ਕੀਤੀ ਹੈ।
ਰੇਲਵੇ ਸਟੇਸ਼ਨ ਤੋਂ ਪਿੰਡ ਪਰਤ ਰਹੇ ਸਨ ਭਰਾ
ਸੀ.ਓ. ਸੁਨੀਲ ਭਾਰਦਵਾਜ ਨੇ ਦੱਸਿਆ ਕਿ ਇਹ ਹਾਦਸਾ ਜਖੌਰਾ ਥਾਣਾ ਖੇਤਰ ਦੇ ਬਾਂਸੀ ਕਸਬੇ ਦੇ ਨੇੜੇ ਉਸ ਵੇਲੇ ਵਾਪਰਿਆ, ਜਦੋਂ ਤਿੰਨੋਂ ਭਰਾ ਇੱਕੋ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੇਲਵੇ ਸਟੇਸ਼ਨ ਤੋਂ ਆਪਣੇ ਪਿੰਡ ਲਡਵਾਰੀ ਵੱਲ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਸਿੱਧੀ ਅਤੇ ਜ਼ਬਰਦਸਤ ਟੱਕਰ ਮਾਰ ਦਿੱਤੀ।
ਮੌਕੇ ‘ਤੇ ਹੀ ਨਿਕਲੀ ਜਾਨ, ਕਾਰ ਸਵਾਰ ਨੇ ਹਸਪਤਾਲ ਤੋੜਿਆ ਦਮ
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਜਸਰਥ (40) ਤੇ ਨਾਥੂਰਾਮ (43) ਅਤੇ ਉਨ੍ਹਾਂ ਦੇ ਚਚੇਰੇ ਭਰਾ ਜਗਦੀਸ਼ (36) ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਇੱਕ ਹੋਰ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।
ਵਾਹਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ
ਪੁਲਿਸ ਅਧਿਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਸੀ। ਪੁਲਿਸ ਨੇ ਚਾਰੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ। ਦੁਰਘਟਨਾਗ੍ਰਸਤ ਹੋਈ ਕਾਰ ਅਤੇ ਮੋਟਰਸਾਈਕਲ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਪਤਾ ਲਗਾਉਣ ਲਈ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਤੋਂ ਬਾਅਦ ਪਿੰਡ ਲਡਵਾਰੀ ਵਿੱਚ ਮਾਤਮ ਦਾ ਮਾਹੌਲ ਹੈ।









