Homeਪੰਜਾਬਮਲੋਟ 'ਚ ਵੋਟਿੰਗ ਦੌਰਾਨ ਕੁਝ ਥਾਵਾਂ 'ਤੇ ਤਣਾਅ; ਕੈਬਨਿਟ ਮੰਤਰੀ ਡਾ. ਬਲਜੀਤ...

ਮਲੋਟ ‘ਚ ਵੋਟਿੰਗ ਦੌਰਾਨ ਕੁਝ ਥਾਵਾਂ ‘ਤੇ ਤਣਾਅ; ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਾਰਡਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜ਼ਾ

ਮਲੋਟ:26ਮਈ (ਛਤਰਪਾਲ ਸਿੰਘ):ਸ਼ਹਿਰ ਦੇ ਕੁਝ ਵਾਰਡਾਂ ਵਿੱਚੋਂ ਆ ਰਹੀਆਂ ਆਪਸੀ ਤਲਖ਼-ਕਲਾਮੀ ਅਤੇ ਤਣਾਅ ਦੀਆਂ ਖ਼ਬਰਾਂ ਦਰਮਿਆਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੱਖ-ਵੱਖ ਪੋਲਿੰਗ ਬੂਥਾਂ ਅਤੇ ਵਾਰਡਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਦਾਅਵਾ ਕੀਤਾ ਕਿ ਮਲੋਟ ਵਿੱਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੱਲ ਰਹੀ ਹੈ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।

ਵਾਰਡ ਨੰਬਰ 4 ‘ਚ ਬਾਹਰੀ ਲੋਕਾਂ ਦੀ ਮੌਜੂਦਗੀ ਦੀ ਮਿਲੀ ਸ਼ਿਕਾਇਤ

ਡਾ. ਬਲਜੀਤ ਕੌਰ ਨੇ ਮੰਨਿਆ ਕਿ ਕੁਝ ਥਾਵਾਂ ਤੋਂ ਮਾਮੂਲੀ ਤਣਾਅ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਵਾਰਡ ਨੰਬਰ 4 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਪੋਲਿੰਗ ਬੂਥ ਨੇੜੇ ਕੁਝ ਬਾਹਰੀ ਅਨਸਰਾਂ/ਲੋਕਾਂ ਦੀ ਮੌਜੂਦਗੀ ਬਾਰੇ ਸ਼ਿਕਾਇਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਤੁਰੰਤ ਗੰਭੀਰਤਾ ਨਾਲ ਲਿਆ ਗਿਆ ਹੈ।

ਸ਼ਰਾਰਤੀ ਅਨਸਰਾਂ ਨੂੰ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਸਾਰੇ ਸੰਵੇਦਨਸ਼ੀਲ ਇਲਾਕਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਬਾਹਰੀ ਵਿਅਕਤੀ ਜਾਂ ਸ਼ਰਾਰਤੀ ਅਨਸਰ ਨੂੰ ਸ਼ਹਿਰ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਬਿਲਕੁਲ ਨਹੀਂ ਦਿੱਤੀ ਜਾਵੇਗੀ। ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਵੇਲੇ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਚੋਣਾਂ ਦੌਰਾਨ ਲੜਾਈ-ਝਗੜੇ ਦੀ ਕੋਈ ਗੁੰਜਾਇਸ਼ ਨਾ ਰਹੇ।

ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਅਪੀਲ

ਇਸ ਮੌਕੇ ਡਾ. ਬਲਜੀਤ ਕੌਰ ਨੇ ਸਮੂਹ ਮਲੋਟ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਭੈਅ ਦੇ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਵੱਧ ਤੋਂ ਵੱਧ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਰਾਇ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ, ਇਸ ਲਈ ਹਰ ਇੱਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments