ਪੰਜਾਬ, 9 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਭਿਆਨਕ ਲੂ (ਹੀਟਵੇਵ) ਚੱਲਣ ਦੀ ਚੇਤਾਵਨੀ ਦਿੰਦਿਆਂ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਚੱਲੇਗੀ ‘ਲੂ’
ਮੌਸਮ ਵਿਭਾਗ ਨੇ ਖ਼ਾਸ ਤੌਰ ‘ਤੇ ਮਾਲਵਾ ਪੱਟੀ ਦੇ ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਇਨ੍ਹਾਂ ਵਿੱਚ ਸ਼ਾਮਲ ਹਨ:
-
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸਾਹਿਬ।
-
ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ।
ਇਸ ਤੋਂ ਇਲਾਵਾ, ਪਠਾਨਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 44 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਆਮ ਨਾਲੋਂ 2.3 ਡਿਗਰੀ ਵਧਿਆ ਤਾਪਮਾਨ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸੀਜ਼ਨ ਦੇ ਆਮ ਤਾਪਮਾਨ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ।
ਤਾਪਮਾਨ ਦੇ ਅੰਕੜੇ: ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ 44.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਦੂਜੇ ਪਾਸੇ, ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ ਦਰਜ ਹੋਇਆ।









