ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ ਗਿਆ
ਮੋਗਾ, 21 ਜੂਨ: (ਲਛਮਣ ਜੀਤ ਸਿੰਘ ਪੁਰਬਾ): ਆਲ ਇੰਡੀਆ ਆਸ਼ਾ ਵਰਕਰਜ਼ ਐਂਡ ਫੈਸੀਲਿਟੇਟਰਜ਼ ਯੂਨੀਅਨ ਪੰਜਾਬ (ਏਟਕ) ਦੀ ਸੂਬਾ ਪੱਧਰੀ ਮੀਟਿੰਗ ਕਾਮਰੇਡ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਫੈਡਰੇਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਪੁਆਰੀ, ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਸੂਬਾ ਜਨਰਲ ਸਕੱਤਰ ਬਲਵੀਰ ਕੌਰ ਗਿੱਲ, ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਅਤੇ ਹੋਰ ਆਗੂਆਂ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਸੰਗਠਨ ਦਾ ਵਿਸਥਾਰ ਕਰਦਿਆਂ ਬਲਕਰਣ ਕੌਰ ਅਬੋਹਰ ਨੂੰ ਸੂਬਾ ਕਮੇਟੀ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸਮੂਹ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ ਗਿਆ।
ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਦੋਸ਼ ਲਗਾਇਆ ਕਿ ਪੰਜਾਬ ਦੇ ਸਿਹਤ ਵਿਭਾਗ ਵਿੱਚ ਆਸ਼ਾ ਵਰਕਰਾਂ ਤੋਂ ਪਿਛਲੇ 18 ਸਾਲਾਂ ਤੋਂ ਨਿਗੂਣੇ ਭੱਤਿਆਂ ’ਤੇ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨੂੰ ਬਣਦੇ ਹੱਕ ਅਤੇ ਸਨਮਾਨ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਉਜ਼ਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆ ਕੇ ਘੱਟੋ-ਘੱਟ 28 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਦੇ ਨਾਲ ਰੈਗੂਲਰ ਕੀਤਾ ਜਾਵੇ। ਇਸ ਤੋਂ ਇਲਾਵਾ ਸੇਵਾ ਮੁਕਤੀ ਸਮੇਂ 5 ਲੱਖ ਰੁਪਏ ਦੀ ਗ੍ਰਾਂਟ, ਪੈਨਸ਼ਨ, ਫਿਕਸ ਭੱਤੇ ਵਿੱਚ ਵਾਧਾ, ਕੱਟੇ ਗਏ ਭੱਤਿਆਂ ਦੀ ਬਹਾਲੀ, ਫੈਸੀਲਿਟੇਟਰਾਂ ਦੇ ਭੱਤੇ ਅਤੇ ਟੂਰ ਮਨੀ ਵਿੱਚ ਵਾਧਾ, ਆਨਲਾਈਨ ਕੰਮਾਂ ਲਈ ਵੱਖਰਾ ਭੱਤਾ ਅਤੇ ਕਲਾਸ-ਫੋਰ ਦੀ ਭਰਤੀ ਵਿੱਚ 10 ਫੀਸਦੀ ਰਾਖਵਾਂ ਕੋਟਾ ਦੇਣ ਦੀ ਮੰਗ ਵੀ ਉਠਾਈ ਗਈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 1 ਜੁਲਾਈ ਤੋਂ 15 ਜੁਲਾਈ 2026 ਤੱਕ ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਬਾਅਦ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ 16 ਜੁਲਾਈ ਤੋਂ 31 ਜੁਲਾਈ ਤੱਕ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਘੜਾ ਭੰਨ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ ਅਤੇ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਪੱਧਰੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ।








