ਫਤਿਹਗੜ੍ਹ ਸਾਹਿਬ: (ਮਨੋਜ ਵਰਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਫਤਿਹਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਦਾ ਦੌਰਾ ਕਰਕੇ ਲੋਕਾਂ ਨਾਲ ਰੂਬਰੂ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰ-ਦੁਆਰ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕ ਮਿਲਣੀ ਮੁਹਿੰਮ ਦਾ ਮਕਸਦ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਸਮਝਣਾ ਹੈ।
ਪਿੰਡ ਵਾਸੀਆਂ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਲਈ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।








