Homeਪੰਜਾਬਫਿਰੋਜ਼ਪੁਰ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਉੱਚ ਪੱਧਰੀ...

ਫਿਰੋਜ਼ਪੁਰ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ

ਫਿਰੋਜ਼ਪੁਰ:26ਜੂਨ (ਛਤਰਪਾਲ ਸਿੰਘ): ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦਾ ਉਦੇਸ਼ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ਖ਼ਿਲਾਫ਼ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨਾ ਅਤੇ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ।

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਪੁਲਿਸ ਅਧਿਕਾਰੀ, ਜ਼ਿਲ੍ਹਾ, ਹਲਕਾ ਅਤੇ ਬਲਾਕ ਕੋਆਰਡੀਨੇਟਰ, ਵਲੰਟੀਅਰ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਨੁਮਾਇੰਦੇ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਨਬੀਰ ਭੁੱਲਰ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ ਅਤੇ ਗੈਰ-ਕਾਨੂੰਨੀ ਨਸ਼ਾ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਕਿਸੇ ਇੱਕ ਵਿਭਾਗ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਕਈ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਬਣਵਾ ਰਹੀ ਹੈ, ਤਾਂ ਜੋ ਨੌਜਵਾਨ ਖੇਡਾਂ ਅਤੇ ਹੋਰ ਸਿਹਤਮੰਦ ਗਤੀਵਿਧੀਆਂ ਨਾਲ ਜੁੜ ਸਕਣ।

ਗੁਰਮੀਤ ਸਿੰਘ ਖੁੱਡੀਆਂ ਨੇ ਸਮਾਜਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ (NGOs) ਅਤੇ ਸਮਾਜ ਦੇ ਹੋਰ ਵਰਗਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਐੱਸਐੱਸਪੀ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਦੀ ਪਛਾਣ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਲੋਕਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਉਪਲਬਧ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪਿੰਡਾਂ ਦੇ ਨੁਮਾਇੰਦਿਆਂ, ਸਰਪੰਚਾਂ ਅਤੇ ਬਲਾਕ ਕੋਆਰਡੀਨੇਟਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਸੁਝਾਅ ਸਾਂਝੇ ਕੀਤੇ।

ਇਸ ਮੌਕੇ ਏਡੀਸੀ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਐੱਸਡੀਐੱਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐੱਸਡੀਐੱਮ ਜ਼ੀਰਾ ਸੂਰਜ ਕੁਮਾਰ, ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ, ਹੋਰ ਸਿਵਲ ਅਤੇ ਪੁਲਿਸ ਅਧਿਕਾਰੀ, ਕੋਆਰਡੀਨੇਟਰ ਅਤੇ ਵਲੰਟੀਅਰ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments