ਜਨ ਸੇਵਾਵਾਂ ਵਿੱਚ ਪਾਰਦਰਸ਼ਤਾ, ਤਕਨਾਲੋਜੀ ਦੀ ਵਰਤੋਂ ਅਤੇ ਜਵਾਬਦੇਹੀ ਵਧਾਉਣ ‘ਤੇ ਜ਼ੋਰ
ਚੰਡੀਗੜ੍ਹ, 27 ਜੂਨ:(ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਸਿਹਤ, ਸਿੱਖਿਆ, ਸਫ਼ਾਈ, ਜਲ ਪ੍ਰਬੰਧਨ ਅਤੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ। ਹਰਿਆਣਾ ਨਿਵਾਸ ਵਿਖੇ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਨੇ ਜਨ ਸੇਵਾਵਾਂ ਵਿੱਚ ਪਾਰਦਰਸ਼ਤਾ, ਤਕਨਾਲੋਜੀ ਦੀ ਵਰਤੋਂ ਅਤੇ ਜਵਾਬਦੇਹੀ ਵਧਾਉਣ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਹਰ ਘਰ ਤੋਂ ਨਿਯਮਤ ਕੂੜਾ ਇਕੱਠਾ ਕਰਨ, ਕੂੜਾ ਢੋਣ ਵਾਲੇ ਵਾਹਨਾਂ ਨੂੰ ਜੀਪੀਐਸ ਨਾਲ ਜੋੜਨ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਹਰਿਆਲੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 30 ਜੂਨ ਤੱਕ ਸਾਰੇ ਨਾਲਿਆਂ, ਡਰੇਨਾਂ ਅਤੇ ਸੀਵਰੇਜ ਪ੍ਰਣਾਲੀ ਦੀ ਸਫ਼ਾਈ ਮੁਕੰਮਲ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਵਿੱਚ ਵਾਰਡਾਂ ਦੀ ਤਿਮਾਹੀ ਰੈਂਕਿੰਗ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਾਰਡਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ 2 ਅਕਤੂਬਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਾਰਡ ਕਮੇਟੀਆਂ ਲਈ ਇੱਕ ਸਮਰਪਿਤ ਆਨਲਾਈਨ ਪੋਰਟਲ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ, ਤਾਂ ਜੋ ਨਾਗਰਿਕ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਦਰਜ ਕਰ ਸਕਣ।
ਪ੍ਰਸ਼ਾਸਨਿਕ ਸੁਧਾਰਾਂ ਸਬੰਧੀ ਮੁੱਖ ਮੰਤਰੀ ਨੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਈ-ਆਫਿਸ ਪ੍ਰਣਾਲੀ ਲਾਜ਼ਮੀ ਤੌਰ ‘ਤੇ ਲਾਗੂ ਕਰਨ, ਕਰਮਚਾਰੀਆਂ ਵੱਲੋਂ ਹਰ ਮਹੀਨੇ ਐਚਆਰਐਮਐਸ ਪੋਰਟਲ ‘ਤੇ ਆਪਣੀ ਕਾਰਜ ਰਿਪੋਰਟ ਅਪਲੋਡ ਕਰਨ ਅਤੇ ਡਿਜੀਟਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਦਿੱਤੇ।
ਸਿਹਤ ਖੇਤਰ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ ਦਾਇਰੇ ਨੂੰ ਹੋਰ ਵਿਸ਼ਾਲ ਬਣਾਉਣ, ਸਰਕਾਰੀ ਹਸਪਤਾਲਾਂ ਦੀ ਸਮਰੱਥਾ ਵਧਾਉਣ ਅਤੇ ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਯੋਗ ਲਾਭਪਾਤਰੀ ਨੂੰ ਆਯੁਸ਼ਮਾਨ ਯੋਜਨਾ ਨਾਲ ਜੋੜਨਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਹਰਿਆਣਾ ਵਿੱਚ ਨਾਗਰਿਕਾਂ ਨੂੰ ਬਿਹਤਰ, ਪਾਰਦਰਸ਼ੀ ਅਤੇ ਤਕਨਾਲੋਜੀ ਆਧਾਰਿਤ ਜਨ ਸੇਵਾਵਾਂ ਉਪਲਬਧ ਕਰਵਾਉਣਾ ਹੈ, ਜਿਸ ਲਈ ਹਰ ਵਿਭਾਗ ਨੂੰ ਸਮੇਂਬੱਧ ਅਤੇ ਜਵਾਬਦੇਹ ਢੰਗ ਨਾਲ ਕੰਮ ਕਰਨਾ ਹੋਵੇਗਾ।








