ਚੰਡੀਗੜ੍ਹ, 4ਜੁਲਾਈ (ਛਤਰਪਾਲ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਨ੍ਹਾਂ ਨੂੰ ਰਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰ ਰਹੀ ਹੈ। ਇਸੇ ਕੜੀ ਤਹਿਤ ਬਾਗਬਾਨੀ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਟੇਟ ਪਲਾਨ ਸਕੀਮ ਅਧੀਨ ਖੁੰਬ (ਮਸ਼ਰੂਮ) ਉਤਪਾਦਨ ਯੂਨਿਟ ਸਥਾਪਤ ਕਰਨ ਲਈ ਵੱਧ ਤੋਂ ਵੱਧ 80,000 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰ ਸਕਦੇ ਹਨ। ਸਟੇਟ ਪਲਾਨ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਕੁੱਲ ਲਾਗਤ ਦਾ 40 ਫ਼ੀਸਦੀ, ਵੱਧ ਤੋਂ ਵੱਧ 80,000 ਰੁਪਏ ਤੱਕ ਸਬਸਿਡੀ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ, ਜਦਕਿ ਘੱਟ ਨਿਵੇਸ਼ ਨਾਲ ਚੰਗੀ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ।
ਮੰਤਰੀ ਨੇ ਦੱਸਿਆ ਕਿ ਲਗਭਗ 1,800 ਵਰਗ ਫੁੱਟ ਖੇਤਰ ਵਿੱਚ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕੀਤਾ ਜਾ ਸਕਦਾ ਹੈ, ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨ-ਪੱਖੀ ਯੋਜਨਾਵਾਂ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਲਗਾਤਾਰ ਵਾਧਾ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗਬਾਨੀ ਅਧਿਕਾਰੀ ਨਾਲ ਸੰਪਰਕ ਕਰਕੇ ਸਟੇਟ ਪਲਾਨ ਸਕੀਮ ਅਧੀਨ ਅਰਜ਼ੀ ਦੇ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ, ਸਿਖਲਾਈ ਅਤੇ ਹਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਉਹ ਮਸ਼ਰੂਮ ਦੀ ਖੇਤੀ ਨੂੰ ਸਫ਼ਲਤਾਪੂਰਵਕ ਅਪਣਾ ਸਕਣ।








