Homeਪੰਜਾਬਬਾਘਾ ਪੁਰਾਣਾ ਥਾਣੇ ਅੱਗੇ ਕਿਸਾਨਾਂ ਦਾ ਵਿਸ਼ਾਲ ਰੋਸ ਧਰਨਾ, ਦੋਸ਼ੀਆਂ ਦੀ ਗ੍ਰਿਫ਼ਤਾਰੀ...

ਬਾਘਾ ਪੁਰਾਣਾ ਥਾਣੇ ਅੱਗੇ ਕਿਸਾਨਾਂ ਦਾ ਵਿਸ਼ਾਲ ਰੋਸ ਧਰਨਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਅਲਟੀਮੇਟਮ

ਜਸਵੰਤ ਸਿੰਘ ਗੱਗੂ ਨਾਲ ਕੁੱਟਮਾਰ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ; ਚੇਤਾਵਨੀ—ਮੁਲਜ਼ਮ ਨਾ ਫੜੇ ਤਾਂ ਡੀ.ਸੀ. ਦਫ਼ਤਰ ਮੋਗਾ ਦਾ ਹੋਵੇਗਾ ਘਿਰਾਓ

ਬਾਘਾ ਪੁਰਾਣਾ (ਮੋਗਾ), 7 ਜੁਲਾਈ (ਲਛਮਣ ਜੀਤ ਸਿੰਘ ਪੁਰਬਾ): ਜਸਵੰਤ ਸਿੰਘ ਗੱਗੂ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਬਾਘਾ ਪੁਰਾਣਾ ਪੁਲਿਸ ਥਾਣੇ ਅੱਗੇ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ। ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਜੱਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਜਸਵੰਤ ਸਿੰਘ ਗੱਗੂ ਦੀ ਕਥਿਤ ਤੌਰ ‘ਤੇ ਇੱਕ ਸ਼ਰਾਬ ਠੇਕੇਦਾਰ ਅਤੇ ਉਸ ਦੇ ਸਾਥੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਸ ਸਮੇਂ ਫ਼ਰੀਦਕੋਟ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿੱਚ ਰੋਸ ਹੈ।

ਧਰਨੇ ਦੌਰਾਨ ਡੀਐਸਪੀ ਬਾਘਾ ਪੁਰਾਣਾ ਮੌਕੇ ‘ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਵੀ ਅਗਲੇ ਦੋ ਦਿਨਾਂ ਅੰਦਰ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਦੇ ਭਰੋਸੇ ਤੋਂ ਬਾਅਦ ਕਿਸਾਨ ਯੂਨੀਅਨ ਨੇ ਧਰਨਾ ਸਮਾਪਤ ਕਰ ਦਿੱਤਾ, ਪਰ ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਡੀ.ਸੀ. ਦਫ਼ਤਰ ਮੋਗਾ ਦਾ ਵੱਡੇ ਪੱਧਰ ‘ਤੇ ਘਿਰਾਓ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਧਰਨੇ ਵਿੱਚ ਪੰਜਾਬ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਇਲਾਕਾ ਨਿਵਾਸੀ ਸ਼ਾਮਲ ਹੋਏ।

RELATED ARTICLES
- Advertisment -
Google search engine
Google search engine
Google search engine

Most Popular

Recent Comments