13 ਜੁਲਾਈ (ਮਨੋਜ ਵਰਮਾ): ਵੀਅਤਨਾਮ ਦੇ ਫੂ ਕਵੋਕ ਟਾਪੂ ਨੇੜੇ ਹੋਏ ਦਰਦਨਾਕ ਕਿਸ਼ਤੀ ਹਾਦਸੇ ਵਿੱਚ 15 ਭਾਰਤੀ ਸੈਲਾਨੀਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਸਪੀਡਬੋਟ ਦੇ 57 ਸਾਲਾ ਕਪਤਾਨ ਨਗੁਯੇਨ ਹੋਂਗ ਹਾਈ ਨੂੰ ਹਿਰਾਸਤ ਵਿੱਚ ਲੈ ਕੇ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਉੱਤੇ ਜਲ ਮਾਰਗ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹਨ।
ਹਾਦਸੇ ਵੇਲੇ ਬੋਟ ਵਿੱਚ 32 ਭਾਰਤੀ ਸੈਲਾਨੀ ਅਤੇ 4 ਕਰੂ ਮੈਂਬਰ ਸਵਾਰ ਸਨ। ਤਟ ਤੋਂ ਕਰੀਬ 400 ਮੀਟਰ ਦੂਰ ਬੋਟ ਅਚਾਨਕ ਪਲਟ ਗਈ, ਜਿਸ ਕਾਰਨ 15 ਭਾਰਤੀਆਂ ਦੀ ਮੌਤ ਹੋ ਗਈ। ਹਾਦਸੇ ਦੌਰਾਨ 16 ਲੋਕਾਂ ਨੂੰ ਬਚਾ ਲਿਆ ਗਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਾਲਾਂਕਿ ਇੱਕ ਜ਼ਖ਼ਮੀ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਵੀਅਤਨਾਮ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਭਾਰਤੀ ਦੂਤਾਵਾਸ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਜਲਦੀ ਭਾਰਤ ਭੇਜਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਉੱਧਰ, ਵੀਅਤਨਾਮ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਦੋ ਵਿਸ਼ੇਸ਼ ਕਾਰਜਕਾਰੀ ਟੀਮਾਂ ਦਾ ਗਠਨ ਕੀਤਾ ਹੈ, ਜੋ ਭਾਰਤੀ ਅਤੇ ਵੀਅਤਨਾਮੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ ਤਾਂ ਜੋ ਮ੍ਰਿਤਕਾਂ ਦੀਆਂ ਦੇਹਾਂ ਨੂੰ ਜਲਦ ਤੋਂ ਜਲਦ ਵਤਨ ਵਾਪਸ ਭੇਜਿਆ ਜਾ ਸਕੇ।







