ਅੰਮ੍ਰਿਤਸਰ ,15ਜੁਲਾਈ (ਛਤਰਪਾਲ ਸਿੰਘ): ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਂਡ ਗ੍ਰਨੇਡ, 9 ਐੱਮ.ਐੱਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਦੇ ਹੈਂਡਲਰਾਂ ਦੇ ਸੰਪਰਕ ਵਿੱਚ ਸੀ।
ਜਾਂਚ ਵਿੱਚ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ।
ਇਸ ਮਾਮਲੇ ਵਿੱਚ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਤੇ ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ ਲਈ ਅਗਲੀ ਕਾਰਵਾਈ ਜਾਰੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਸੂਬੇ ਵਿੱਚ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।







