ਕੋਟਕਪੂਰਾ , 15 ਜੁਲਾਈ(ਸੰਜੀਵ ਸ਼ਰਮਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਢਿੱਲੋਂ ਕਲੋਨੀ ਵਿਖੇ ਬੀ.ਐਸ.ਐਫ. ਦੇ ਸ਼ਹੀਦ ਸਬ ਇੰਸਪੈਕਟਰ ਬਲਬੀਰ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀ ਡਿਊਟੀ ਨਿਭਾਉਣ ਵਾਲੇ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਆਪਣੀ ਡਿਊਟੀ ਪ੍ਰਤੀ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਸੇਵਾ ਨਿਭਾਈ, ਜੋ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਮਿਲੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਪ੍ਰਾਪਤ ਹੋਵੇ।
ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਬਲਬੀਰ ਸਿੰਘ, ਪੁੱਤਰ ਨਾਜਰ ਸਿੰਘ, ਬੀ.ਐਸ.ਐਫ. ਦੀ 57ਵੀਂ ਬਟਾਲੀਅਨ ਸਿਲੀਗੁੜੀ (ਪੱਛਮੀ ਬੰਗਾਲ) ਵਿੱਚ ਤਾਇਨਾਤ ਸਨ। ਡਿਊਟੀ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਭਾਰਤ ਸਰਕਾਰ ਅਤੇ ਬੀ.ਐਸ.ਐਫ. ਵੱਲੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ।
ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਾਜਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਐਸ.ਐਫ. ਦੇ ਅਧਿਕਾਰੀ, ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।







