ਕਾਦੀਆਂ (ਗੁਰਦਾਸਪੁਰ), 16 ਜੁਲਾਈ: ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਦੋਵਾਂ ਧਿਰਾਂ ਵਿਚਾਲੇ ਹੋਈ ਤਿੱਖੀ ਨਾਅਰੇਬਾਜ਼ੀ ਅਤੇ ਧੱਕਾ-ਮੁੱਕੀ ਕਾਰਨ ਚੋਣ ਵਾਲੇ ਇਲਾਕੇ ਵਿੱਚ ਹੰਗਾਮੇ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ, ਅੱਜ ਕਾਦੀਆਂ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਣੀ ਸੀ। ਇਸ ਨੂੰ ਲੈ ਕੇ ਦੋਵਾਂ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਸਮਰਥਕ ਇਕੱਠੇ ਕੀਤੇ ਹੋਏ ਸਨ। ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ, ਜੋ ਦੇਖਦੇ ਹੀ ਦੇਖਦੇ ਹੰਗਾਮੇ ਅਤੇ ਝੜਪ ਵਿੱਚ ਬਦਲ ਗਈ। ਇਸ ਦੌਰਾਨ ਦੋਵਾਂ ਪਾਸਿਆਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਮੌਕੇ ‘ਤੇ ਪਹੁੰਚੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸਥਾਨਕ ਅਤੇ ਸੀਨੀਅਰ ਆਗੂ ਵੀ ਆਪਣੇ ਵਰਕਰਾਂ ਨਾਲ ਘਟਨਾ ਸਥਾਨ ‘ਤੇ ਪਹੁੰਚ ਗਏ, ਜਿਸ ਨਾਲ ਮਾਹੌਲ ਹੋਰ ਗਰਮਾ ਗਿਆ।
ਮੌਕੇ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਨਿਰਪੱਖ ਰਵੱਈਆ ਨਹੀਂ ਅਪਣਾਇਆ ਜਾ ਰਿਹਾ। ਉਨ੍ਹਾਂ ਦਾ ਦਾਅਵਾ ਸੀ ਕਿ ਸੱਤਾਧਾਰੀ ਧਿਰ ਦੇ ਦਬਾਅ ਹੇਠ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਬਾਜਵਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸ ਵੀ ਹੋਈ।
ਉੱਥੇ ਹੀ, ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਾਂਗਰਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਾਂਗਰਸ ਆਪਣੀ ਸੰਭਾਵਿਤ ਹਾਰ ਤੋਂ ਘਬਰਾਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਵਿੱਚ ਰੁਕਾਵਟ ਕਾਂਗਰਸੀ ਵਰਕਰਾਂ ਵੱਲੋਂ ਪੈਦਾ ਕੀਤੀ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਪੂਰਾ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।







