Homeਪਟਿਆਲਾ ਅਪਡੇਟਪਟਿਆਲਾ 'ਚ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਹੱਲਾਬੋਲ; PM ਮੋਦੀ ਦਾ ਪੁਤਲਾ ਫੂਕਿਆ

ਪਟਿਆਲਾ ‘ਚ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਹੱਲਾਬੋਲ; PM ਮੋਦੀ ਦਾ ਪੁਤਲਾ ਫੂਕਿਆ

ਪਟਿਆਲਾ, 17 ਜੁਲਾਈ, 2026 (ਜਗਦੇਵ ਸਿੰਘ ਜੱਗੀ): ਪੰਜਾਬ ਵਿੱਚ ਅੱਜ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿਖੇ ਰੇਲਵੇ ਸਟੇਸ਼ਨ ਦੇ ਉਦਘਾਟਨ ਲਈ ਪਹੁੰਚੇ, ਤਾਂ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿੱਚ ਤਿੱਖਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਤਹਿਤ ਪਟਿਆਲਾ-ਚੰਡੀਗੜ੍ਹ ਰੋਡ ‘ਤੇ ਸਥਿਤ ਤਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ‘ਚ ਭਾਰੀ ਰੋਸ

ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਗੁਰਤਿਆਨ ਸਿੰਘ ਨੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਵਾਰ-ਵਾਰ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਅਤੇ ਅੰਨਦਾਤਾ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਕਿਸਾਨੀ ਅੰਦੋਲਨਾਂ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ, ਟਰੈਕਟਰਾਂ ਅਤੇ ਹੋਰ ਕੀਮਤੀ ਸਾਮਾਨ ਦੇ ਹੋਏ ਨੁਕਸਾਨ ਅਤੇ ਚੋਰੀ ਦੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸੇ ਹੱਕੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਨੂੰ ਸੜਕਾਂ ‘ਤੇ ਉਤਰ ਕੇ ਆਪਣਾ ਵਿਰੋਧ ਦਰਜ ਕਰਵਾਉਣਾ ਪਿਆ ਹੈ।

ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

ਰੇਲਵੇ ਸਟੇਸ਼ਨ ਦੇ ਉਦਘਾਟਨ ਦੇ ਸਮਾਨਾਂਤਰ ਹੋਏ ਇਸ ਰੋਸ ਪ੍ਰਦਰਸ਼ਨ ਨੇ ਪ੍ਰਸ਼ਾਸਨ ਲਈ ਵੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਅੰਦੋਲਨ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਹੋਰ ਮੰਗਾਂ ‘ਤੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments