ਚੰਡੀਗੜ੍ਹ, 13 ਸਤੰਬਰ 2025- (ਸ਼ਹੀਦ—ਏ—ਆਜ਼ਮ ਬਿਓਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ ਪਰ ਪਿੰਡਾਂ ਤੇ ਕਸਬਿਆਂ ਵਿੱਚ ਗਾਰ ਤੇ ਗੰਦਗੀ ਬਹੁਤ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਨ-ਜੀਵਨ ਲੀਹ ’ਤੇ ਆ ਰਿਹਾ ਹੈ ਜਿਸ ਕਰਕੇ ਇਨ੍ਹਾਂ ਇਲਾਕਿਆਂ ਦੀ ਸਫਾਈ ਦਾ ਕੰਮ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸੂਬਾ ਸਰਕਾਰ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਵਿੱਚ ਵਿਆਪਕ ਪੱਧਰ ’ਤੇ ਸਫਾਈ ਕਰਨ ਦੀ ਮੁਹਿੰਮ ਦਾ ਆਗਾਜ਼ ਕਰਨ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪਿੰਡ ਲਈ ਸਰਕਾਰ ਨੇ ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਕੋਲ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਲੇਬਰ ਦੀ ਵਿਵਸਥਾ ਹੋਵੇਗੀ। ਇਹ ਟੀਮਾਂ ਗਾਰ ਤੇ ਮਲਬਾ ਹਟਾਉਣਗੀਆਂ ਅਤੇ ਹਰੇਕ ਪਿੰਡ ਦੀ ਮੁਕੰਮਲ ਸਫਾਈ ਨੂੰ ਯਕੀਨੀ ਬਣਾਉਣਗੀਆਂ।
ਮੁੱਖ ਮੰਤਰੀ ਨੇ ਖਦਸ਼ਾ ਪ੍ਰਗਟ ਕੀਤਾ ਕਿ ਹੜ੍ਹਾਂ ਦੌਰਾਨ ਕਈ ਜਾਨਵਰਾਂ ਦੀ ਮੌਤ ਹੋ ਗਈ, ਇਸ ਲਈ ਇਹ ਟੀਮਾਂ ਇਨ੍ਹਾਂ ਪਸ਼ੂਆਂ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਗੀਆਂ, ਜਿਸ ਤੋਂ ਬਾਅਦ ਹਰ ਪਿੰਡ ਵਿੱਚ ਸਫਾਈ ਅਤੇ ਫੌਗਿੰਗ ਕੀਤੀ ਜਾਵੇਗੀ ਤਾਂ ਜੋ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪੂਰੀ ਮੁਹਿੰਮ ਲਈ 100 ਕਰੋੜ ਰੁਪਏ ਦੇ ਫੰਡ ਰੱਖੇ ਹਨ ਅਤੇ ਇਸ ਵਿੱਚੋਂ ਕੰਮ ਸ਼ੁਰੂ ਕਰਨ ਲਈ ਹਰੇਕ ਪ੍ਰਭਾਵਿਤ ਪਿੰਡ ਨੂੰ ਸ਼ੁਰੂਆਤੀ ਫੰਡ ਵਜੋਂ ਇਕ ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੰਡ ਵਿੱਚੋਂ ਹੋਰ ਲੋੜਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਸਫਾਈ ਦਾ ਪੂਰਾ ਖਰਚਾ ਸੂਬਾ ਸਰਕਾਰ ਚੁੱਕੇਗੀ।







