ਸੁਨਾਮ, 20 ਜੁਲਾਈ, 2026 (ਦੀਪਕ ਦੱਤਾ): ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਅੱਜ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲਦਿਆਂ ਸ਼ਹਿਰ ਦੇ ਵਿਕਾਸ ਅਤੇ ਲੋਕ ਸੇਵਾ ਲਈ ਵਚਨਬੱਧਤਾ ਪ੍ਰਗਟਾਈ। ਨਗਰ ਕੌਂਸਲ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਮੀਨਾ ਰਾਣੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਦੇ ਲੋਕਾਂ ਨੇ ਨਵੀਂ ਟੀਮ ਉੱਤੇ ਵੱਡਾ ਭਰੋਸਾ ਜਤਾਇਆ ਹੈ ਅਤੇ ਹੁਣ ਇਹ ਟੀਮ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਸਪਲਾਈ, ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ ਅਤੇ ਕੂੜਾ ਪ੍ਰਬੰਧਨ ਵਰਗੀਆਂ ਸਹੂਲਤਾਂ ਨੂੰ ਬਿਹਤਰ ਬਣਾਉਣਾ ਨਗਰ ਕੌਂਸਲ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।
ਮੰਤਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੁਨਾਮ ਨੂੰ ਪੰਜਾਬ ਦੇ ਸਭ ਤੋਂ ਸੁਚੱਜੇ ਅਤੇ ਵਿਕਸਤ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਇਮਾਨਦਾਰੀ ਅਤੇ ਜਵਾਬਦੇਹੀ ਨੂੰ ਹਰ ਪੱਧਰ ’ਤੇ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਚੱਲ ਰਹੇ ਬੱਸ ਅੱਡੇ ਸਮੇਤ ਹੋਰ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨੂੰ ਅਗਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਦੀ ਯੋਜਨਾ ਹੈ। ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਸਬੰਧੀ ਉਨ੍ਹਾਂ ਕਿਹਾ ਕਿ ਕਿਸੇ ਵੀ ਠੇਕੇਦਾਰ ਨੂੰ ਮਿਆਰਾਂ ਨਾਲ ਸਮਝੌਤਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਅਮਨ ਅਰੋੜਾ ਨੇ ਨਵੀਂ ਟੀਮ ਨੂੰ ਹਦਾਇਤ ਕੀਤੀ ਕਿ ਉਹ ਮੌਕੇ ’ਤੇ ਜਾ ਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਟੀਆ ਸਮੱਗਰੀ ਦੀ ਵਰਤੋਂ ਜਾਂ ਕੰਮ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ।
ਇਸ ਦੌਰਾਨ ਮੰਤਰੀ ਨੇ ਮੀਡੀਆ ਨੂੰ ਵੀ ਸ਼ਹਿਰ ਦੇ ਵਿਕਾਸ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਸਾਰੂ ਸੁਝਾਅ ਅਤੇ ਨਿਗਰਾਨੀ ਨਾਲ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਜਾ ਕੇ ਸੁਣਣਗੇ ਅਤੇ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਪੂਰੀ ਟੀਮ ਮਿਲ ਕੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਦਿਨ-ਰਾਤ ਕੰਮ ਕਰੇਗੀ।
ਸਮਾਗਮ ਵਿੱਚ ਵੱਖ-ਵੱਖ ਸਮਾਜਿਕ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਅਤੇ ਸ਼ਹਿਰ ਦੇ ਪ੍ਰਮੁੱਖ ਵਿਅਕਤੀ ਵੀ ਹਾਜ਼ਰ ਸਨ। ਸਮਾਗਮ ਦਾ ਸੰਚਾਲਨ ਮੀਡੀਆ ਸਲਾਹਕਾਰ ਯਸ਼ਪਾਲ ਮੰਗਲਾ ਨੇ ਕੀਤਾ।








