23 ਜੁਲਾਈ, 2026 (ਜਗਦੇਵ ਸਿੰਘ ਜੱਗੀ): ਦੇਸ਼ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਕੀਤੀ।
ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੌਰਾਨ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚਕਾਰ ਨਾਅਰੇਬਾਜ਼ੀ ਵੀ ਹੋਈ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲੀਸ ਨੇ ਦਖ਼ਲ ਦਿੱਤਾ ਅਤੇ ਕੁਝ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਕਾਂਗਰਸ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਆ ਰਹੀਆਂ ਖਾਮੀਆਂ ਅਤੇ ਮੁਲਾਂਕਣ ਨਾਲ ਜੁੜੀਆਂ ਗਲਤੀਆਂ ਕਾਰਨ ਵਿਦਿਆਰਥੀਆਂ ਵਿੱਚ ਨਿਰਾਸ਼ਾ ਵਧੀ ਹੈ, ਪਰ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਵੇਂ ਕੌਮੀ ਪੱਧਰ ‘ਤੇ ਪੇਪਰ ਲੀਕ ਦੇ ਮਾਮਲਿਆਂ ਲਈ ਕੇਂਦਰੀ ਲੀਡਰਸ਼ਿਪ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਸਾਹਮਣੇ ਆਏ ਪੇਪਰ ਲੀਕ ਮਾਮਲਿਆਂ ਲਈ ਸੂਬਾ ਸਰਕਾਰ ਨੂੰ ਵੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਨਾਲ-ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ।
ਕਾਂਗਰਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਯਕੀਨੀ ਬਣਾਉਣੀ ਚਾਹੀਦੀ ਹੈ।








