ਨਵੀਂ ਦਿੱਲੀ: 23 ਜੁਲਾਈ, 2026 (ਮਨੋਜ ਵਰਮਾ): ਪੰਜਾਬ ਵਿੱਚ ਰੇਲਵੇ ਨਾਲ ਜੁੜੇ ਅਹਿਮ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸੂਬਾ ਸਰਕਾਰ ਪੱਧਰ ‘ਤੇ ਲੰਬਿਤ ਮਾਮਲਿਆਂ ਨੂੰ ਜਲਦ ਹੱਲ ਕਰਨ ਲਈ ਮੁੱਖ ਮੰਤਰੀ ਦੇ ਨਿੱਜੀ ਦਖ਼ਲ ਦੀ ਅਪੀਲ ਕੀਤੀ ਹੈ।
ਰਵਨੀਤ ਬਿੱਟੂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਅਤੇ ਲੋਕਾਂ ਲਈ ਬਿਹਤਰ ਰੇਲ ਸੰਪਰਕ ਮੁਹੱਈਆ ਕਰਵਾਉਣਾ ਕੇਂਦਰ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਰੇਲਵੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।
ਕੇਂਦਰੀ ਮੰਤਰੀ ਨੇ ਇਸ਼ਾਰਾ ਕੀਤਾ ਕਿ ਕੁਝ ਮਹੱਤਵਪੂਰਨ ਰੇਲਵੇ ਯੋਜਨਾਵਾਂ ਸੂਬਾ ਸਰਕਾਰ ਵੱਲੋਂ ਲੋੜੀਂਦੇ ਸਹਿਯੋਗ ਅਤੇ ਮਨਜ਼ੂਰੀਆਂ ਵਿੱਚ ਦੇਰੀ ਕਾਰਨ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਕੇ ਇਨ੍ਹਾਂ ਰੁਕਾਵਟਾਂ ਨੂੰ ਦੂਰ ਕੀਤਾ ਜਾਵੇ।
ਬਿੱਟੂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਤਾਲਮੇਲ ਨਾਲ ਹੀ ਪੰਜਾਬ ਵਿੱਚ ਆਧੁਨਿਕ ਰੇਲਵੇ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਵੱਲੋਂ ਜਲਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ, ਜਿਸ ਨਾਲ ਰੇਲਵੇ ਵਿਕਾਸ ਪ੍ਰੋਜੈਕਟਾਂ ਨੂੰ ਰਫ਼ਤਾਰ ਮਿਲੇਗੀ।








