Homeਪੰਜਾਬਸ਼ਿਵਾਲਿਕ ਖੇਤਰ ਦੇ 16 ਪਿੰਡਾਂ ਵਿੱਚ ਉਸਾਰੀ ਅਤੇ ਜ਼ਮੀਨ ਦੀ ਖਰੀਦ-ਫ਼ਰੋਖ਼ਤ 'ਤੇ...

ਸ਼ਿਵਾਲਿਕ ਖੇਤਰ ਦੇ 16 ਪਿੰਡਾਂ ਵਿੱਚ ਉਸਾਰੀ ਅਤੇ ਜ਼ਮੀਨ ਦੀ ਖਰੀਦ-ਫ਼ਰੋਖ਼ਤ ‘ਤੇ ਹਾਈ ਕੋਰਟ ਦੀ ਰੋਕ

ਚੰਡੀਗੜ੍ਹ 24 ਜੁਲਾਈ, 2026 (ਅਮਨਦੀਪ ਸਰਾਂ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਨਾਲ ਲੱਗਦੇ ਸ਼ਿਵਾਲਿਕ ਪਹਾੜੀ ਖੇਤਰ ਵਿੱਚ ਸਥਿਤ 16 ਪਿੰਡਾਂ ਵਿੱਚ ਹਰ ਤਰ੍ਹਾਂ ਦੀ ਉਸਾਰੀ ਅਤੇ ਵਿਕਾਸ ਗਤੀਵਿਧੀਆਂ ‘ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਪਿੰਡਾਂ ਵਿੱਚ ਜ਼ਮੀਨ ਦੀ ਖਰੀਦ-ਫ਼ਰੋਖ਼ਤ ਅਤੇ ਕਿਸੇ ਵੀ ਨਵੇਂ ਇੰਤਕਾਲ ਦੀ ਰਜਿਸਟ੍ਰੇਸ਼ਨ ਕਰਨ ‘ਤੇ ਵੀ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।

ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦੇ 2014 ਦੇ ਨਿਰਦੇਸ਼ਾਂ ਅਨੁਸਾਰ ਜੰਗਲਾਤ ਜ਼ਮੀਨ ਦੀ ਪਛਾਣ ਕਰਨ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਨਹੀਂ ਕੀਤਾ, ਜਿਸ ਕਾਰਨ ਵਾਤਾਵਰਨ ਸੁਰੱਖਿਆ ਸਬੰਧੀ ਗੰਭੀਰ ਚਿੰਤਾਵਾਂ ਪੈਦਾ ਹੋਈਆਂ ਹਨ।

ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤੁਰੰਤ ਇੱਕ ਉੱਚ ਪੱਧਰੀ ਟੀਮ ਬਣਾਉਣ ਲਈ ਕਿਹਾ ਹੈ, ਜੋ ਇਹ ਨਿਰਧਾਰਤ ਕਰੇਗੀ ਕਿ ਫੌਰੈਸਟ (ਕੰਜ਼ਰਵੇਸ਼ਨ) ਐਕਟ, 1980 ਲਾਗੂ ਹੋਣ ਵੇਲੇ ਇਸ ਖੇਤਰ ਵਿੱਚ ਜੰਗਲਾਤ ਜ਼ਮੀਨ ਦੀ ਅਸਲ ਹੱਦ ਕੀ ਸੀ। ਇਸ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਹਾਈ ਕੋਰਟ ਨੇ ਇਹ ਵੀ ਹੁਕਮ ਦਿੱਤਾ ਕਿ ਸਬੰਧਤ ਪਿੰਡਾਂ ਦਾ ਮਾਲੀਆ ਰਿਕਾਰਡ ਸੁਰੱਖਿਅਤ ਰੱਖਿਆ ਜਾਵੇ ਅਤੇ ਉਸ ਦੀਆਂ ਕਾਪੀਆਂ ਇੱਕ ਹਫ਼ਤੇ ਦੇ ਅੰਦਰ ਰਜਿਸਟਰਾਰ ਜਨਰਲ ਕੋਲ ਜਮ੍ਹਾਂ ਕਰਵਾਈਆਂ ਜਾਣ। ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਗਲੀ ਸੁਣਵਾਈ ਦੌਰਾਨ ਪੂਰੇ ਰਿਕਾਰਡ ਸਮੇਤ ਨਿੱਜੀ ਤੌਰ ‘ਤੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਜ਼ਮੀਨ ਦੇ ਤਬਾਦਲੇ ਜਾਂ ਰੋਕ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਅਦਾਲਤੀ ਅਵਮਾਨਨਾ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਰਾਜ ਸਰਕਾਰ ਤੋਂ ਪ੍ਰਗਤੀ ਰਿਪੋਰਟ ਵੀ ਮੰਗੀ ਗਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments