Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਨਾਸਰ ਬਾਗ 'ਚ ਨਵੇਂ ਪਾਰਕ ਦਾ ਰੱਖਿਆ...

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਨਾਸਰ ਬਾਗ ‘ਚ ਨਵੇਂ ਪਾਰਕ ਦਾ ਰੱਖਿਆ ਨੀਂਹ ਪੱਥਰ

ਸੰਗਰੂਰ, 25 ਜੁਲਾਈ, 2026 (ਅਰਸ਼ਦੀਪ ਸਿੰਘ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਲਈ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਬਨਾਸਰ ਬਾਗ ਵਿਖੇ 138.75 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦਿਵਿਆਂਗ-ਅਨੁਕੂਲ ਪਾਰਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਸ. ਭੂਪਿੰਦਰ ਸਿੰਘ ਨਹਿਲ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਲਈ ਸਮਾਨ ਮੌਕੇ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਵੀ ਜਨਤਕ ਥਾਵਾਂ ‘ਤੇ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਅਤੇ ਮਨੋਰੰਜਨ ਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸੇ ਉਦੇਸ਼ ਨਾਲ ਸੰਗਰੂਰ ਵਿਖੇ ਇਹ ਵਿਸ਼ੇਸ਼ ਦਿਵਿਆਂਗ-ਅਨੁਕੂਲ ਪਾਰਕ ਵਿਕਸਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਦਿਵਿਆਂਗਜਨਾਂ ਲਈ ਵਿਸ਼ੇਸ਼ ਰੈਂਪ, ਵੀਲ੍ਹਚੇਅਰ ਅਨੁਕੂਲ ਟਰੈਕ, ਟੈਕਟਾਈਲ ਪਾਥਵੇਅ, ਦਿਵਿਆਂਗ-ਅਨੁਕੂਲ ਝੂਲੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਾਰਕ ਵਿੱਚ ਹਰਿਆਵਲ ਨੂੰ ਪ੍ਰੋਤਸਾਹਨ ਦੇਣ ਲਈ ਲੈਂਡਸਕੇਪਿੰਗ, ਸੁੰਦਰ ਲਾਨ, ਬੈਠਣ ਲਈ ਆਧੁਨਿਕ ਬੈਂਚਾਂ ਅਤੇ ਲੋੜੀਂਦੀ ਲਾਈਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਇਹ ਪਾਰਕ ਦਿਵਿਆਂਗਜਨਾਂ ਦੇ ਨਾਲ-ਨਾਲ ਬਜ਼ੁਰਗਾਂ, ਬੱਚਿਆਂ ਅਤੇ ਹੋਰ ਸ਼ਹਿਰ ਵਾਸੀਆਂ ਲਈ ਵੀ ਸਿਹਤਮੰਦ ਅਤੇ ਮਨੋਰੰਜਕ ਮਾਹੌਲ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨਾਲ ਸ਼ਹਿਰ ਦੀ ਨੁਹਾਰ ਵਿੱਚ ਹੋਰ ਸੁਧਾਰ ਆ ਰਿਹਾ ਹੈ।
ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਸ. ਭੂਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਪਾਰਕ ਦਾ ਨਿਰਮਾਣ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments