ਚੰਡੀਗੜ੍ਹ, 28 ਜੁਲਾਈ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਈਆਂ ਲਗਾਤਾਰ ਬੈਠਕਾਂ ਤੋਂ ਬਾਅਦ ਸੂਬੇ ਵਿੱਚ ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਖ਼ਤਮ ਹੋ ਗਈ ਹੈ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੀਐਸਪੀਸੀਐਲ ਅਤੇ ਪੀਐਸਈਬੀ ਨਾਲ ਸਬੰਧਤ ਕਰਮਚਾਰੀ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਹੜਤਾਲ ‘ਤੇ ਸਨ, ਜਿਸ ਕਾਰਨ ਬਿਜਲੀ ਵਿਭਾਗ ਦੇ ਕੰਮਕਾਜ ‘ਤੇ ਅਸਰ ਪਿਆ ਅਤੇ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮਾਮਲੇ ਦੇ ਹੱਲ ਲਈ ਪਹਿਲਾਂ ਬਿਜਲੀ ਮੰਤਰੀ ਅਤੇ ਵਿਭਾਗ ਦੇ ਪ੍ਰਬੰਧਕੀ ਨਿਰਦੇਸ਼ਕ ਵੱਲੋਂ ਯੂਨੀਅਨਾਂ ਨਾਲ ਗੱਲਬਾਤ ਕੀਤੀ ਗਈ, ਜਿਸ ਤੋਂ ਬਾਅਦ ਵਿੱਤ ਮੰਤਰੀ ਨੇ ਵੀ ਕਰੀਬ ਪੰਜ ਘੰਟੇ ਤੱਕ ਮੁਲਾਜ਼ਮ ਆਗੂਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਚੀਮਾ ਮੁਤਾਬਕ 16 ਮੁਲਾਜ਼ਮ ਯੂਨੀਅਨਾਂ ਨਾਲ ਹੋਈ ਮੀਟਿੰਗ ਦੌਰਾਨ ਕਈ ਮੰਗਾਂ ‘ਤੇ ਸਹਿਮਤੀ ਬਣ ਗਈ, ਜਿਸ ਦੇ ਨਤੀਜੇ ਵਜੋਂ ਹੜਤਾਲ ਵਾਪਸ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨਾਲ ਜੁੜੀਆਂ ਮੰਗਾਂ ਦੇ ਨਿਪਟਾਰੇ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ 15 ਅਗਸਤ ਤੱਕ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ। ਇਸ ਰਿਪੋਰਟ ਦੇ ਆਧਾਰ ‘ਤੇ ਅਗਲੇ ਫ਼ੈਸਲੇ ਕੀਤੇ ਜਾਣਗੇ।ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਸਟਾਫ ਨਾਲ ਵੀ ਸਰਕਾਰ ਦੀ ਗੱਲਬਾਤ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਲੀਨਿਕ ਕਰਮਚਾਰੀਆਂ ਨੇ ਵੀ ਆਪਣਾ ਵਿਰੋਧ ਪ੍ਰੋਗਰਾਮ ਵਾਪਸ ਲੈਣ ‘ਤੇ ਸਹਿਮਤੀ ਜਤਾਈ ਹੈ ਅਤੇ ਹੁਣ ਕਿਸੇ ਤਰ੍ਹਾਂ ਦੀ ਹੜਤਾਲ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਕਰਜ਼ੇ ਦੇ ਮੁੱਦੇ ‘ਤੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ ਕਰਜ਼ੇ ਦੇ ਬੋਝ ਨੂੰ ਕਾਬੂ ਵਿੱਚ ਰੱਖਣ ਲਈ ਕਦਮ ਚੁੱਕੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਸੂਬੇ ਦੇ ਕੁੱਲ ਕਰਜ਼ੇ ਦੇ ਅਨੁਪਾਤ ਵਿੱਚ ਕਰੀਬ 3 ਫੀਸਦੀ ਦੀ ਕਮੀ ਲਿਆਂਦੀ ਗਈ ਹੈ।








