ਨਵੀਂ ਦਿੱਲੀ, 29 ਜੁਲਾਈ 2026 (ਮਨੋਜ ਵਰਮਾ) : ਸੁਪਰੀਮ ਕੋਰਟ ਨੇ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਜਾਂ ਦਬਾਅ ਵਾਲੀ ਕਾਰਵਾਈ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹਿਰਾਸਤ ਵਿੱਚ ਲਏ ਗਏ ਨਾਬਾਲਗਾਂ ਨੂੰ ਤੁਰੰਤ ਰਿਹਾਅ ਕਰਨ ਦੇ ਵੀ ਹੁਕਮ ਦਿੱਤੇ ਹਨ। ਹਾਲਾਂਕਿ, ਅਦਾਲਤ ਨੇ ਇਹ ਸਪੱਸ਼ਟ ਕੀਤਾ ਹੈ ਕਿ ਪ੍ਰਦਰਸ਼ਨਾਂ ਦੌਰਾਨ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਹ ਸੰਕੇਤ ਵੀ ਦਿੱਤੇ ਕਿ ਵਿਦਿਆਰਥੀਆਂ ਨਾਲ ਹੋਈਆਂ ਕਥਿਤ ਵਧੀਕੀਆਂ ਅਤੇ ਦੁਰਵਿਵਹਾਰ ਦੀ ਜਾਂਚ ਲਈ ਰਿਟਾਇਰਡ ਸੁਪਰੀਮ ਕੋਰਟ ਜੱਜ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਜਾ ਸਕਦਾ ਹੈ।








