Homeਪਟਿਆਲਾ ਅਪਡੇਟਸਿਹਤ ਸਹੂਲਤਾਂ ਦੀ ਤਸਵੀਰ ਬਦਲ ਰਹੀ ਹੈ: ਵਿੱਕੀ ਘਨੌਰ

ਸਿਹਤ ਸਹੂਲਤਾਂ ਦੀ ਤਸਵੀਰ ਬਦਲ ਰਹੀ ਹੈ: ਵਿੱਕੀ ਘਨੌਰ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਰਾਜਪੁਰਾ ਤੇ ਘਨੌਰ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ

ਰਾਜਪੁਰਾ, 29 ਜੁਲਾਈ, 2026 (ਦੀਪਕ ਦੱਤਾ) : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਰਾਜਪੁਰਾ ਅਤੇ ਘਨੌਰ ਦੇ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਸਹੂਲਤਾਂ ਦਾ ਫੀਡਬੈਕ ਲਿਆ।

ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਇਹ ਇੱਕ ਰੁਟੀਨ ਚੈਕਿੰਗ ਦਾ ਹਿੱਸਾ ਸੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਤੌਰ ‘ਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮਰੀਜ਼ਾਂ ਵਿਚਕਾਰ ਤਣਾਅ ਜਾਂ ਸ਼ਿਕਾਇਤਾਂ ਦੇਖਣ ਨੂੰ ਮਿਲਦੀਆਂ ਹਨ, ਪਰ ਇੱਥੇ ਮਾਹੌਲ ਬਹੁਤ ਸੁਖਾਵਾਂ ਰਿਹਾ। ਡਾਕਟਰਾਂ ਅਤੇ ਸਟਾਫ਼ ਵੱਲੋਂ ਹਰ ਮਰੀਜ਼ ਨੂੰ ਬਹੁਤ ਹੀ ਪਿਆਰ ਅਤੇ ਤਨਦੇਹੀ ਨਾਲ ਵਾਚਿਆ ਜਾ ਰਿਹਾ ਹੈ।

70 ਸਾਲਾਂ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ

ਵਾਈਸ ਚੇਅਰਮੈਨ ਨੇ ਅੱਗੇ ਕਿਹਾ ਕਿ ਬੀਤੇ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਅਜਿਹੀ ਸਰਕਾਰ ਸੱਤਾ ਵਿੱਚ ਆਈ ਹੈ ਜੋ ਸੱਚਮੁੱਚ ਆਮ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਗਿਆ ਹੈ ਜਿਸ ਤਹਿਤ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ, ਮੁਫ਼ਤ ਦਵਾਈਆਂ ਅਤੇ ਸਾਰੇ ਜ਼ਰੂਰੀ ਟੈਸਟਾਂ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। 10 ਲੱਖ ਤੱਕ ਦੇ ਬਣ ਰਹੇ ਆਯੁਸ਼ਮਾਨ ਕਾਰਡਾਂ ਨੇ ਆਮ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਹੋਰ ਰਾਹਤ ਦਿੱਤੀ ਹੈ।

ਪਾਰਕਿੰਗ ਅਤੇ ਓ.ਪੀ.ਡੀ. ਪ੍ਰਬੰਧਾਂ ‘ਤੇ ਵਿਸ਼ੇਸ਼ ਧਿਆਨ

ਹਸਪਤਾਲ ਵਿੱਚ ਦੌਰੇ ਦੌਰਾਨ ਕੁਝ ਛੋਟੀਆਂ-ਮੋਟੀਆਂ ਕਮੀਆਂ ਜਿਵੇਂ ਕਿ ਓ.ਪੀ.ਡੀ. ਵਿੱਚ ਕਤਾਰਾਂ ਅਤੇ ਪਾਰਕਿੰਗ ਦੇ ਪ੍ਰਬੰਧਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਸਪਤਾਲ ਸਟਾਫ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਆਉਣ ਵਾਲੀ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਜੇਕਰ ਕਿਤੇ ਕੋਈ ਮਾਮੂਲੀ ਸਮੱਸਿਆ ਆਉਂਦੀ ਹੈ ਤਾਂ ਉਸਨੂੰ ਤੁਰੰਤ ਅੰਦਰੂਨੀ ਤੌਰ ‘ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਹਮੇਸ਼ਾ ਨਰਮ ਅਤੇ ਹਮਦਰਦੀ ਵਾਲਾ ਵਿਵਹਾਰ ਰੱਖਿਆ ਜਾਵੇ।

ਅੰਤ ਵਿੱਚ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਹੋ ਚੁੱਕੀ ਹੈ ਅਤੇ ਲੋਕ ਸਿਹਤ ਸੇਵਾਵਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments