ਪਟਿਆਲਾ, 30 ਜੁਲਾਈ, 2026 (ਬਲਜੀਤ ਸਰਨਾ) : ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਪਟਿਆਲਾ ਵਿੱਚ ਵੀ ਵੇਖਣ ਨੂੰ ਮਿਲਿਆ। ਵਾਲਮੀਕੀ ਸਮਾਜ ਦੀ ਅਗਵਾਈ ਹੇਠ ਤ੍ਰਿਪੜੀ ਗੋਲ ਗੱਪਾ ਚੌਂਕ ਤੋਂ ਰੇਲਵੇ ਸਟੇਸ਼ਨ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਰਨਾਲਾ ਘਟਨਾ ਦੀ ਨਿੰਦਾ ਕੀਤੀ। ਮਾਰਚ ਦੌਰਾਨ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਵਾਲਮੀਕੀ ਸਮਾਜ ਅਤੇ ਹੋਰ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਸਜ਼ਾ ਨਾ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਦੀ ਸੂਰਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ‘ਤੇ ਅੰਦੋਲਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।








