ਸੰਗਰੂਰ, 1 ਅਗਸਤ, 2026 (ਦੀਪਕ ਦੱਤਾ) : ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਸੰਗਰੂਰ ਮਨਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ– ਰਾਹਤ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਸਕੀਮ ਦਾ ਉਦੇਸ਼ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ, ਮਿਆਰੀ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣਾ ਹੈ।
ਮਨਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਨੂੰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਹਰ ਯੋਗ ਪੀੜਤ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਸਮੇਂ ਸਿਰ ਇਲਾਜ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੀ.ਐੱਮ.-ਰਾਹਤ ਸਕੀਮ ਤਹਿਤ ਯੋਗ ਸੜਕ ਹਾਦਸਾ ਪੀੜਤਾਂ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ ਸੂਚੀਬੱਧ (ਐਂਪੈਨਲਡ) ਹਸਪਤਾਲਾਂ ਵਿੱਚ 1.5 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਉਪਲਬਧ ਕਰਵਾਇਆ ਜਾਂਦਾ ਹੈ।
ਉਨ੍ਹਾਂ ਗੋਲਡਨ ਆਵਰ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਸੜਕ ਹਾਦਸੇ ਤੋਂ ਬਾਅਦ ਦਾ ਪਹਿਲਾ ਇੱਕ ਘੰਟਾ ਜਾਨ ਬਚਾਉਣ ਲਈ ਸਭ ਤੋਂ ਅਹਿਮ ਹੁੰਦਾ ਹੈ। ਇਸ ਸਮੇਂ ਦੌਰਾਨ ਤੁਰੰਤ ਡਾਕਟਰੀ ਸਹਾਇਤਾ ਮਿਲਣ ਨਾਲ ਨਾ ਸਿਰਫ਼ ਪੀੜਤ ਦੇ ਬਚਣ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ, ਸਗੋਂ ਸਥਾਈ ਅਪਾਹਜਤਾ ਦੇ ਖ਼ਤਰੇ ਨੂੰ ਵੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸੜਕ ਹਾਦਸੇ ਦੀ ਸਥਿਤੀ ਵਿੱਚ ਜ਼ਖ਼ਮੀ ਨੂੰ ਬਿਨਾਂ ਕਿਸੇ ਦੇਰੀ ਦੇ ਨੇੜਲੇ ਸੂਚੀਬੱਧ ਹਸਪਤਾਲ ਤੱਕ ਪਹੁੰਚਾਇਆ ਜਾਵੇ।
ਆਰ.ਟੀ.ਓ. ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੜਕ ਹਾਦਸਾ ਪੀੜਤਾਂ ਦੀ ਮਦਦ ਕਰਨ ਤੋਂ ਹਿਚਕਿਚਾਉਣ ਨਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸਵੈ-ਇੱਛਾ ਨਾਲ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਂਦਾ ਹੈ, ਉਸ ਨੂੰ ਬੇਲੋੜੀਆਂ ਕਾਨੂੰਨੀ ਅਤੇ ਪ੍ਰਕਿਰਿਆਗਤ ਪਰੇਸ਼ਾਨੀਆਂ ਤੋਂ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਭਾਰਤ ਸਰਕਾਰ ਵੱਲੋਂ ਨਿਰਧਾਰਤ ਪ੍ਰੋਤਸਾਹਨ ਰਾਸ਼ੀ ਲਈ ਵੀ ਅਜਿਹੇ ਵਿਅਕਤੀ ਯੋਗ ਹੁੰਦੇ ਹਨ, ਜਿਸ ਨਾਲ ਲੋਕਾਂ ਨੂੰ ਮਨੁੱਖੀ ਜਾਨਾਂ ਬਚਾਉਣ ਲਈ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸੜਕ ਹਾਦਸਾ ਵਾਪਰੇ ਤਾਂ ਲੋਕ ਤੁਰੰਤ ਐਮਰਜੈਂਸੀ ਹੈਲਪਲਾਈਨ ਨੰਬਰ 112 ‘ਤੇ ਕਾਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲੇ। ਉਨ੍ਹਾਂ ਕਿਹਾ, “ਸਮੇਂ ਸਿਰ ਚੁੱਕਿਆ ਗਿਆ ਇੱਕ ਕਦਮ ਵੀ ਇੱਕ ਕੀਮਤੀ ਮਨੁੱਖੀ ਜਾਨ ਬਚਾ ਸਕਦਾ ਹੈ।” ਉਨ੍ਹਾਂ ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਮਨਜੀਤ ਕੌਰ ਨੇ ਸਾਰੇ ਵਾਹਨ ਚਾਲਕਾਂ ਨੂੰ ਸੁਰੱਖਿਅਤ ਡਰਾਈਵਿੰਗ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਹਮੇਸ਼ਾ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ, ਨਿਰਧਾਰਤ ਰਫ਼ਤਾਰ ਸੀਮਾ ਦੀ ਪਾਲਣਾ ਕਰਨ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ, ਡਰਾਈਵਿੰਗ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਲੇਨ ਅਨੁਸ਼ਾਸਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਡਰਾਈਵਿੰਗ ਹੀ ਸੜਕ ਹਾਦਸਿਆਂ ਨੂੰ ਰੋਕਣ ਅਤੇ ਮਨੁੱਖੀ ਜਾਨਾਂ ਦੀ ਰੱਖਿਆ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।
ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਭਾਗ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ, ਐਮਰਜੈਂਸੀ ਦੌਰਾਨ ਸੜਕ ਹਾਦਸਾ ਪੀੜਤਾਂ ਦੀ ਮਦਦ ਕਰਕੇ ਅਤੇ ਪੀ.ਐੱਮ.-ਰਾਹਤ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾ ਕੇ ਹਰ ਨਾਗਰਿਕ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ।
ਖੇਤਰੀ ਟਰਾਂਸਪੋਰਟ ਅਫ਼ਸਰ ਨੇ ਸਿੱਖਿਆ ਸੰਸਥਾਵਾਂ, ਟਰਾਂਸਪੋਰਟ ਆਪਰੇਟਰਾਂ, ਸਮਾਜਿਕ ਸੰਸਥਾਵਾਂ ਅਤੇ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੀ.ਐੱਮ.-ਰਾਹਤ ਸਕੀਮ ਬਾਰੇ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਹਰ ਨਾਗਰਿਕ ਇਸ ਸਕੀਮ ਦੇ ਲਾਭਾਂ ਤੋਂ ਜਾਣੂ ਹੋਵੇ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਸਕੇ।







