ਫਰੀਦਕੋਟ, 6 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ ਤਾਂ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਹੀ ਚੋਣ ਲੜਾਈ ਜਾਵੇ।
ਫਰੀਦਕੋਟ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਕਿਸ ਹਲਕੇ ਤੋਂ ਚੋਣ ਲੜਾਉਣਾ ਹੈ, ਇਸ ਦਾ ਅੰਤਿਮ ਫੈਸਲਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇ ਤਾਂ ਉਹ ਚਾਹੁੰਦੇ ਹਨ ਕਿ ਸਿੱਧਾ ਭਗਵੰਤ ਮਾਨ ਦੇ ਸਾਹਮਣੇ ਚੋਣ ਲੜਨ ਦਾ ਮੌਕਾ ਮਿਲੇ।
ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਕਾਬਲਾ ਕਰਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਸਿਆਸੀ ਮੋਰਚਿਆਂ ਵਿੱਚ ਰੁੱਝੇ ਹੋਏ ਹਨ, ਜਦਕਿ ਉਹ ਆਪਣੀ ਲੜਾਈ ਭਗਵੰਤ ਮਾਨ ਦੇ ਖ਼ਿਲਾਫ਼ ਹੀ ਲੜਨਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਾਂਗਰਸ ਦਾ ਕੋਈ ਹੋਰ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਦਾ ਹੈ ਤਾਂ ਪਾਰਟੀ ਉਸ ਵਿਕਲਪ ‘ਤੇ ਵੀ ਵਿਚਾਰ ਕਰ ਸਕਦੀ ਹੈ।
ਇਸ ਤੋਂ ਪਹਿਲਾਂ ਮੋਗਾ ਵਿੱਚ ਪਾਰਟੀ ਦੀ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ‘ਤੇ ਮਿਲੀਭੁਗਤ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਤਹਿਤ ਬੂਥ ਪੱਧਰ ‘ਤੇ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ ਅਤੇ ਵਰਕਰਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਜ਼ਬੂਤੀ ਨਾਲ ਉਤਰੇਗੀ ਅਤੇ ਜਨਤਾ ਦੇ ਸਮਰਥਨ ਨਾਲ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।







