Homeਪੰਜਾਬਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਚੜ੍ਹਾਇਆ;...

ਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਚੜ੍ਹਾਇਆ; ਪਰੇਡ ਤੋਂ ਲਈ ਸਲਾਮੀ

Cabinet Minister hoists the National Flag in Sangrur and takes the salute at the Independence Day parade.

ਸੰਗਰੂਰ,15 ਅਗਸਤ, 2026 (ਬਲਜੀਤ ਸਰਨਾ) : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ ਸੰਗਰੂਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਇਸ ਦੀ ਰਾਖੀ ਕਰਦਿਆਂ ਦੇਸ਼ ਨੂੰ ਤਰੱਕੀ, ਖੁਸ਼ਹਾਲੀ ਅਤੇ ਬਰਾਬਰੀ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸ੍ਰ ਸੌਂਦ ਨੇ ਕਿਹਾ ਕਿ ਸੰਗਰੂਰ ਦੀ ਧਰਤੀ ਦਾ ਦੇਸ਼ ਦੀ ਆਜ਼ਾਦੀ ਅਤੇ ਸਮਾਜਿਕ ਚੇਤਨਾ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ ਅਤੇ ਹੋਰ ਅਨੇਕਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਸੁਨਾਮ ਦੀ ਧਰਤੀ ਦੇ ਜਾਏ ਸ਼ਹੀਦ ਊਧਮ ਸਿੰਘ ਦਾ ਨਾਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਇਤਿਹਾਸ ਵਿੱਚ ਹਮੇਸ਼ਾ ਸੁਨਹਿਰੀ ਅੱਖਰਾਂ ਵਿੱਚ ਦਰਜ ਰਹੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ 57 ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ, ਜਦਕਿ ਦੇਸ਼ ਦੀ ਰੱਖਿਆ ਲਈ ਲੜੀਆਂ ਗਈਆਂ ਵੱਖ-ਵੱਖ ਜੰਗਾਂ ਵਿੱਚ ਵੀ ਇਸ ਜ਼ਿਲ੍ਹੇ ਦੇ 100 ਤੋਂ ਵੱਧ ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਆਉਣ ਵਾਲੀ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਸਾਡਾ ਨੈਤਿਕ ਫਰਜ਼ ਹੈ। ਸ੍ਰ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਗਾਉਣ ਸਮੇਤ ਸ਼ਹੀਦਾਂ ਦੀ ਯਾਦ ਨੂੰ ਸਨਮਾਨ ਦੇਣ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ। ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ 50 ਲੱਖ ਰੁਪਏ ਤੋਂ ਵਧਾ ਕੇ 01 ਕਰੋੜ ਰੁਪਏ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਕਰਵਾਉਣ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮਕਸਦ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ, ਜੀਵਨ ਅਤੇ ਫਲਸਫ਼ੇ ਦੇ ਅਧਿਐਨ ਲਈ ਡੇਰਾ ਸੱਚਖੰਡ ਬੱਲਾਂ ਵਿਖੇ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵਿਕਸਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪਿਛਲੇ ਚਾਰ ਸਾਲਾਂ ਦੌਰਾਨ ਕਰੀਬ 29 ਹਜ਼ਾਰ ਸਵੈ-ਸਹਾਇਤਾ ਸਮੂਹ ਬਣੇ ਹਨ ਅਤੇ ਲਗਭਗ 3 ਲੱਖ ਮਹਿਲਾਵਾਂ ਇਨ੍ਹਾਂ ਨਾਲ ਜੁੜੀਆਂ ਹਨ। ਇਨ੍ਹਾਂ ਸਮੂਹਾਂ ਨੂੰ 631 ਕਰੋੜ ਰੁਪਏ ਦੇ ਵਿਆਜ-ਮੁਕਤ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਸੰਗਰੂਰ ਜ਼ਿਲ੍ਹੇ ਵਿੱਚ ਵੀ ਪੀ.ਐੱਸ.ਆਰ.ਐੱਲ.ਐੱਮ. ਅਧੀਨ ਲਗਭਗ 4,000 ਸਵੈ-ਸਹਾਇਤਾ ਸਮੂਹ ਹਨ, ਜਿਨ੍ਹਾਂ ਨਾਲ ਕਰੀਬ 45,000 ਪਰਿਵਾਰ ਜੁੜੇ ਹੋਏ ਹਨ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਹੈ ਅਤੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਵੀ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ੍ਰ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਗਿਆ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਕਰੋੜਾਂ ਲੋਕ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਸੰਗਰੂਰ ਜ਼ਿਲ੍ਹੇ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਨਾਮ ਦੇ ਸਰਕਾਰੀ ਹਸਪਤਾਲ ਵਿਖੇ ਕਰੀਬ 14.48 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸੇ ਹਸਪਤਾਲ ਵਿੱਚ ਕਰੀਬ 25.5 ਕਰੋੜ ਰੁਪਏ ਦੀ ਲਾਗਤ ਨਾਲ ਓ.ਪੀ.ਡੀ. ਦੇ 9 ਕਮਰਿਆਂ ਦਾ ਬਲਾਕ, ਦਵਾਈਆਂ ਦਾ ਵੇਅਰਹਾਊਸ, ਟਰੌਮਾ ਸੈਂਟਰ ਅਤੇ ਬਲੱਡ ਬੈਂਕ ਵੀ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਲੌਂਗੋਵਾਲ, ਧੂਰੀ, ਚੀਮਾ ਅਤੇ ਕੌਹਰੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕਰਦਿਆਂ ਅਪ੍ਰੈਲ 2022 ਤੋਂ ਹੁਣ ਤੱਕ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਵਿਆਪਕ ਸੁਧਾਰ ਕੀਤੇ ਜਾ ਰਹੇ ਹਨ। ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਵਾਜਾਈ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਕਰੀਬ 7.80 ਕਰੋੜ ਰੁਪਏ ਦੀ ਲਾਗਤ ਨਾਲ ਨਰਸਿੰਗ ਟਰੇਨਿੰਗ ਸਕੂਲ ਅਤੇ ਕਰੀਬ 3.52 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਤਿਆਰ ਕੀਤਾ ਗਿਆ ਹੈ। ਸੁਨਾਮ ਵਿਖੇ ਕਰੀਬ 01.83 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਅਤੇ ਸ਼ਹੀਦ ਊਧਮ ਸਿੰਘ ਆਈ.ਟੀ.ਆਈ. ਦੀ ਵਰਕਸ਼ਾਪ ਦੀ ਕਰੀਬ 03 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ-ਕਲਪ ਕੀਤੀ ਗਈ ਹੈ। ਸ੍ਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਕੇਂਦਰਾਂ ਅਤੇ ਸਰਕਾਰੀ ਰਿਹੈਬਿਲੀਟੇਸ਼ਨ ਸੈਂਟਰਾਂ ਰਾਹੀਂ ਹਜ਼ਾਰਾਂ ਲੋਕ ਸਰਕਾਰੀ ਸਹੂਲਤਾਂ ਦਾ ਲਾਭ ਲੈ ਰਹੇ ਹਨ। ਸਿਹਤ ਵਿਭਾਗ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਪੀੜਤਾਂ ਦੇ ਇਲਾਜ ਸਬੰਧੀ ਜਾਗਰੂਕਤਾ ਲਈ ਸਕੂਲਾਂ ਅਤੇ ਪਿੰਡਾਂ ਵਿੱਚ ਵੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 2022 ਤੋਂ ਹੁਣ ਤੱਕ 1.83 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 6 ਲੱਖ ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਨੀਤੀਆਂ ਨੂੰ ਹੋਰ ਸਰਲ ਅਤੇ ਲੋਕ-ਪੱਖੀ ਬਣਾਇਆ ਜਾ ਰਿਹਾ ਹੈ। ਸ੍ਰੀ ਸੌਂਦ ਨੇ ਕਿਹਾ ਕਿ ਸਾਲ 2022-23 ਤੋਂ ਹੁਣ ਤੱਕ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿੱਚ 186 ਸਟੇਡੀਅਮ/ਖੇਡ ਮੈਦਾਨਾਂ ਲਈ 58.38 ਕਰੋੜ ਰੁਪਏ, 38 ਲਾਇਬ੍ਰੇਰੀਆਂ ਲਈ 11.56 ਕਰੋੜ ਰੁਪਏ, 38 ਪੰਚਾਇਤ ਭਵਨਾਂ/ਕਮਿਊਨਿਟੀ ਹਾਲਾਂ ਲਈ 14.87 ਕਰੋੜ ਰੁਪਏ, 55 ਛੱਪੜਾਂ ਦੀ ਕਾਇਆ-ਕਲਪ ਲਈ 20 ਕਰੋੜ ਰੁਪਏ, 21 ਹੈਲਥ ਐਂਡ ਵੈਲਫੇਅਰ ਸੈਂਟਰਾਂ ਲਈ 7.45 ਕਰੋੜ ਰੁਪਏ ਅਤੇ ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਲਈ 18 ਕਰੋੜ ਰੁਪਏ ਦੇ ਕੰਮ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਛੱਪੜਾਂ ਦੀ ਸਫ਼ਾਈ, ਖੇਡ ਮੈਦਾਨਾਂ ਦੀ ਉਸਾਰੀ, ਲਾਇਬ੍ਰੇਰੀਆਂ ਦੀ ਸਥਾਪਨਾ ਅਤੇ ਸਿਹਤ ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕਰਵਾਇਆ ਗਿਆ ਹੈ। ਧੂਰੀ ਵਿਖੇ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੋਡ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ਨਾਲ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖੇਤਰੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾਗਰਿਕਾਂ ਨੂੰ ਘਰ ਬੈਠਿਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ 1076 ’ਤੇ ਕਾਲ ਕਰਕੇ 437 ਨਾਗਰਿਕ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।
ਸੰਗਰੂਰ ਵਿਖੇ ਕਰਵਾਏ ਗਏ ਆਜ਼ਾਦੀ ਦਿਵਸ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਸਮਾਗਮ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਸਕੂਲੀ ਵਿਦਿਆਰਥੀਆਂ ਅਤੇ ਹੋਰ ਟੁਕੜੀਆਂ ਨੇ ਹਿੱਸਾ ਲਿਆ। ਬੈਂਡ ਵੱਲੋਂ ਕੌਮੀ ਧੁਨਾਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ ਗਿਆ। ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ, ਪਰੇਡ ਵਿੱਚ ਹਿੱਸਾ ਲੈਣ ਵਾਲੇ ਜਵਾਨਾਂ, ਪਲਟੂਨ ਕਮਾਂਡਰਾਂ ਅਤੇ ਪ੍ਰੋਗਰਾਮ ਦੀ ਤਿਆਰੀ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸ੍ਰ ਸੌਂਦ ਨੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਵੱਖ-ਵੱਖ ਸਰਕਾਰੀ ਵਿਭਾਗਾਂ, ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਸਮੇਤ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਵਿਅਕਤੀਆਂ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਆਪੋ-ਆਪਣੇ ਖੇਤਰ ਵਿੱਚ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਅਸਲ ਭਾਵਨਾ ਤਾਂ ਹੀ ਸਾਕਾਰ ਹੋਵੇਗੀ ਜਦੋਂ ਸਾਡਾ ਸਮਾਜ ਨਸ਼ਾ-ਮੁਕਤ, ਸਿੱਖਿਅਤ, ਸਿਹਤਮੰਦ, ਖੁਸ਼ਹਾਲ, ਬਰਾਬਰੀ ਵਾਲਾ ਅਤੇ ਆਤਮ-ਨਿਰਭਰ ਹੋਵੇਗਾ। ਕੈਬਨਿਟ ਮੰਤਰੀ ਨੇ ਅੰਤ ਵਿੱਚ ਸਮੂਹ ਪੰਜਾਬ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸੱਚੀ ਸ਼ਰਧਾਂਜਲੀ ਵਜੋਂ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਸ੍ਰ ਸੌਂਦ ਦਾ ਸਨਮਾਨ ਵੀ ਕੀਤਾ ਗਿਆ।  ਇਸ ਤੋਂ ਪਹਿਲਾਂ ਉਹਨਾਂ ਨੇ ਪੁਲਿਸ ਲਾਈਨ ਸ਼ਹੀਦੀ ਸਮਾਰਕ ਵਿਖੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਡੀ.ਆਈ.ਜੀ. ਜਲੰਧਰ ਪੀ.ਏ.ਪੀ-2 ਸੰਦੀਪ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸੰਗਰੂਰ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments