HomeVideoਸੀਵਰੇਜ ਬੰਦ ਹੋਣ ਕਾਰਨ ਕਲੋਨੀ ਵਾਸੀ ਪਰੇਸ਼ਾਨ, ਬਿਮਾਰੀਆਂ ਫੈਲਣ ਦਾ ਖਦਸ਼ਾ;

ਸੀਵਰੇਜ ਬੰਦ ਹੋਣ ਕਾਰਨ ਕਲੋਨੀ ਵਾਸੀ ਪਰੇਸ਼ਾਨ, ਬਿਮਾਰੀਆਂ ਫੈਲਣ ਦਾ ਖਦਸ਼ਾ;

ਨਗਰ ਨਿਗਮ ਕਮਿਸ਼ਨਰ ਨੇ ਦਿੱਤਾ ਜਲਦ ਹੱਲ ਦਾ ਭਰੋਸਾ

ਪਟਿਆਲਾ: 18 ਅਗਸਤ 2026 (ਬਲਜੀਤ ਸਰਨਾ) :ਪਟਿਆਲਾ ਸ਼ਹਿਰ ਦੀ ਇੱਕ ਕਲੋਨੀ ਵਿੱਚ ਲੰਬੇ ਸਮੇਂ ਤੋਂ ਸੀਵਰੇਜ ਬੰਦ ਹੋਣ ਕਾਰਨ ਕਰੀਬ 200 ਘਰਾਂ ਦੇ ਵਸਨੀਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਲੋਨੀ ਵਾਸੀਆਂ ਦਾ ਦੋਸ਼ ਹੈ ਕਿ ਸੀਵਰੇਜ ਦਾ ਗੰਦਾ ਪਾਣੀ ਅਤੇ ਗੰਦਗੀ ਕਾਰਨ ਇਲਾਕੇ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਦੇ ਰਹੇ ਹਨ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਗਿਆ।

ਵਸਨੀਕਾਂ ਨੇ ਪੈਟਰੋਲ ਪੰਪ ਅਤੇ ਇੱਕ ਨਿੱਜੀ ਹੋਟਲ ਦੇ ਕਮਰਸ਼ੀਅਲ ਸੀਵਰੇਜ ਕਨੈਕਸ਼ਨ ਨੂੰ ਰਿਹਾਇਸ਼ੀ ਕਨੈਕਸ਼ਨ ਵਿੱਚ ਜੋੜੇ ਜਾਣ ਦੇ ਦੋਸ਼ਾਂ ਦੀ ਵੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਮਰਸ਼ੀਅਲ ਕਨੈਕਸ਼ਨਾਂ ਨੂੰ ਨਿਯਮਾਂ ਦੇ ਉਲਟ ਰਿਹਾਇਸ਼ੀ ਕਨੈਕਸ਼ਨਾਂ ਨਾਲ ਜੋੜਿਆ ਗਿਆ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਕਲੋਨੀ ਵਾਸੀਆਂ ਨੇ ਇਹ ਵੀ ਕਿਹਾ ਕਿ ਇਹ ਇਲਾਕਾ ਪਟਿਆਲਾ ਦੇ ਡਿਪਟੀ ਮੇਅਰ ਦੇ ਵਾਰਡ ਨਾਲ ਸਬੰਧਤ ਹੋਣ ਦੇ ਬਾਵਜੂਦ ਸਮੱਸਿਆ ਦਾ ਜਾਇਜ਼ਾ ਲੈਣ ਲਈ ਵਾਰਡ ਵਿੱਚ ਨਿਯਮਿਤ ਤੌਰ ’ਤੇ ਦੌਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੁਤਾਬਕ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਹੋਰ ਲੋਕਾਂ ਨੂੰ ਵੀ ਸਿਹਤ ਸਬੰਧੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਸਨੀਕਾਂ ਨੇ ਦਾਅਵਾ ਕੀਤਾ ਕਿ ਕਲੋਨੀ ਵਿੱਚ ਕਈ ਪਰਿਵਾਰ ਗੰਭੀਰ ਬਿਮਾਰੀਆਂ ਨਾਲ ਵੀ ਜੂਝ ਰਹੇ ਹਨ ਅਤੇ ਕੁਝ ਘਰਾਂ ਵਿੱਚ ਕੈਂਸਰ ਦੇ ਮਰੀਜ਼ ਹੋਣ ਦੀ ਗੱਲ ਕਹੀ ਹੈ। ਹਾਲਾਂਕਿ ਇਨ੍ਹਾਂ ਬਿਮਾਰੀਆਂ ਦਾ ਸੀਵਰੇਜ ਦੀ ਸਮੱਸਿਆ ਨਾਲ ਸਿੱਧਾ ਸਬੰਧ ਹੋਣ ਦੀ ਪੁਸ਼ਟੀ ਅਜੇ ਨਹੀਂ ਹੋਈ ਹੈ।

ਨਗਰ ਨਿਗਮ ਕਮਿਸ਼ਨਰ ਨੇ ਦਿੱਤਾ ਜਲਦ ਹੱਲ ਦਾ ਭਰੋਸਾ

ਇਸ ਮਾਮਲੇ ਸਬੰਧੀ ਜਦੋਂ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਦੀਆਂ ਟੀਮਾਂ ਮੌਕੇ ’ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕੁਝ ਸਮੇਂ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰ ਦਿੱਤਾ ਜਾਵੇਗਾ।

ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪੈਟਰੋਲ ਪੰਪ ਅਤੇ ਨਿੱਜੀ ਹੋਟਲ ਦੇ ਸੀਵਰੇਜ ਕਨੈਕਸ਼ਨਾਂ ਦੀ ਵੀ ਜਲਦ ਜਾਂਚ ਕਰਵਾਈ ਜਾਵੇਗੀ।

ਹੁਣ ਦੇਖਣਾ ਹੋਵੇਗਾ ਕਿ ਨਗਰ ਨਿਗਮ ਵੱਲੋਂ ਸੀਵਰੇਜ ਦੀ ਇਸ ਗੰਭੀਰ ਸਮੱਸਿਆ ਦਾ ਕਿੰਨੀ ਜਲਦੀ ਸਥਾਈ ਹੱਲ ਕੀਤਾ ਜਾਂਦਾ ਹੈ ਅਤੇ ਕਮਰਸ਼ੀਅਲ ਕਨੈਕਸ਼ਨਾਂ ਸਬੰਧੀ ਲਗਾਏ ਗਏ ਦੋਸ਼ਾਂ ਦੀ ਜਾਂਚ ਵਿੱਚ ਕੀ ਤੱਥ ਸਾਹਮਣੇ ਆਉਂਦੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments