ਬਰਨਾਲਾ, 20 ਅਗਸਤ, 2026 (ਹਰਸ਼ਪ੍ਰੀਤ ਕੌਰ) : ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਨੂੰ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ FIR ਦਰਜ ਕੀਤੀਆਂ ਹਨ। ਐਸਪੀ (ਡੀ) ਸੰਜੀਵ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੋਂ ਲੜਕੀਆਂ ਸਵੇਰੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਰਾਜਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਲੜਕੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਸੁਣੀਆਂ। ਐਸਪੀ (ਡੀ) ਮੁਤਾਬਕ ਮਾਮਲੇ ਦੀ ਜਾਣਕਾਰੀ ਤੁਰੰਤ ਐਸਐਸਪੀ ਬਰਨਾਲਾ ਨੂੰ ਦਿੱਤੀ ਗਈ। ਲੜਕੀਆਂ ਵੱਲੋਂ ਦਿੱਤੇ ਬਿਆਨਾਂ ਅਤੇ ਪਹਿਲਾਂ ਦਿੱਤੀਆਂ ਗਈਆਂ ਦਰਖ਼ਾਸਤਾਂ ਦੇ ਆਧਾਰ ‘ਤੇ ਪੁਲਿਸ ਨੇ ਰਾਏਕੋਟ ਵਾਸੀ ਦਲਵਿੰਦਰ ਸਿੰਘ ਅਤੇ ਇਕਬਾਲ ਸਿੰਘ ਖ਼ਿਲਾਫ਼ FIR ਨੰਬਰ 72 ਅਤੇ 73 ਦਰਜ ਕੀਤੀਆਂ ਹਨ।
ਇਸ ਤੋਂ ਇਲਾਵਾ ਤੀਜੀ ਲੜਕੀ ਦੀ ਸ਼ਿਕਾਇਤ ਦੇ ਆਧਾਰ ‘ਤੇ ਬਰਨਾਲਾ ਵਾਸੀ ਪ੍ਰਦੀਪ ਕੁਮਾਰ ਚੌਹਾਨ ਖ਼ਿਲਾਫ਼ FIR ਨੰਬਰ 410 ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀਆਂ ਦੇ ਬਿਆਨ ਅਦਾਲਤ ਵਿੱਚ ਧਾਰਾ 164 ਤਹਿਤ ਦਰਜ ਕਰਵਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਮੈਡੀਕਲ ਜਾਂਚ ਵੀ ਕਰਵਾਈ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਮਜ਼ਦ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।






