ਪਟਿਆਲਾ, 20 ਅਗਸਤ, 2026 (ਹਰਸ਼ਪ੍ਰੀਤ ਕੌਰ) : ਪਾਤੜਾਂ ਦੇ ਪੁਰਾਣੇ ਬੱਸ ਸਟੈਂਡ ‘ਤੇ ਬੁੱਧਵਾਰ ਰਾਤ ਇੱਕ ਔਰਤ ‘ਤੇ ਹਮਲਾ ਕਰਕੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੌਰਾਨ ਇੱਕ ਆਟੋ-ਰਿਕਸ਼ਾ ਚਾਲਕ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਘਟਨਾ ਰਾਤ ਕਰੀਬ 8:15 ਵਜੇ ਵਾਪਰੀ। ਮ੍ਰਿਤਕ ਔਰਤ ਦੀ ਪਛਾਣ ਸੁੰਦਰ ਬਸਤੀ ਵਾਸੀ ਦਿਲਪ੍ਰੀਤ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬੱਸ ਤੋਂ ਉਤਰ ਕੇ ਆਪਣੇ ਘਰ ਵੱਲ ਜਾ ਰਹੀ ਸੀ। ਇਸੇ ਦੌਰਾਨ ਕੁਝ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਪਹਿਲਾਂ ਬੇਸਬਾਲ ਬੈਟ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਉਸ ‘ਤੇ ਗੋਲੀ ਚਲਾ ਦਿੱਤੀ ਗਈ।
ਹਮਲੇ ਦੌਰਾਨ ਉੱਥੇ ਮੌਜੂਦ ਆਟੋ-ਰਿਕਸ਼ਾ ਚਾਲਕ ਲਖਵੀਰ ਸਿੰਘ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪਾਤੜਾਂ ਥਾਣੇ ਦੇ SHO ਇੰਸਪੈਕਟਰ ਗਗਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। SHO ਗਗਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾਵੇਗੀ।






