ਚੰਡੀਗੜ੍ਹ, 21 ਅਗਸਤ, 2026 (ਦੀਪਕ ਦੱਤਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਿਕ ਤੌਰ ‘ਤੇ ਬੱਦਲਵਾਈ ਵਾਲਾ ਰਹੇਗਾ। ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਸਰਗਰਮ ਹੈ। ਮਾਨਸੂਨ ਟਰੱਫ ਅੰਮ੍ਰਿਤਸਰ ਤੋਂ ਲੰਘ ਰਹੀ ਹੈ, ਜਦਕਿ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਨੇੜੇ ਪੱਛਮੀ ਗੜਬੜੀ ਵੀ ਸਰਗਰਮ ਹੈ। ਹਰਿਆਣਾ ਨਾਲ ਸਬੰਧਤ ਮੌਸਮੀ ਪ੍ਰਣਾਲੀ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਵਧ ਗਈ ਹੈ, ਜਦਕਿ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੀ ਪ੍ਰਣਾਲੀ ਕੁਝ ਕਮਜ਼ੋਰ ਹੋਈ ਹੈ। ਇਸ ਦੇ ਬਾਵਜੂਦ ਦੋਵਾਂ ਸੂਬਿਆਂ ਵਿੱਚ ਆਮ ਤੌਰ ‘ਤੇ ਬੱਦਲਵਾਈ ਰਹਿਣ ਅਤੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਧਰ, ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੀ ਗਤੀਵਿਧੀ ਜਾਰੀ ਰਹਿਣ ਦੇ ਬਾਵਜੂਦ ਫਿਲਹਾਲ ਡੈਮਾਂ ਦੇ ਪਾਣੀ ਦਾ ਪੱਧਰ ਚਿੰਤਾਜਨਕ ਹੱਦ ਤੱਕ ਨਹੀਂ ਪਹੁੰਚਿਆ।






