ਪਟਿਆਲਾ, 25 ਅਗਸਤ,2026 ( ਦੀਪਕ ਦੱਤਾ ) : ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੀ ਸ਼ਹੀਦ ਬਾਬਾ ਦੀਪ ਸਿੰਘ ਕਲੋਨੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਇਲਾਕੇ ਦੇ 8 ਆਗੂ 40 ਜਣਿਆਂ ਦੇ ਪਰਿਵਾਰ ਸਮੇਤ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਦਿਕਸ਼ਿਤ ਸਿੰਘ, ਓਂਕਾਰ ਸਿੰਘ, ਗੌਰਵ, ਰਾਜਿੰਦਰ ਸ਼ਰਮਾ, ਹਰਜੀਤ ਸਿੰਘ, ਹਰਮੀਤ ਸਿੰਘ, ਕਮਲ ਅਵਸਥੀ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਕਾਂਗਰਸੀ ਆਗੂ, ਵਰਕਰ ਅਤੇ ਸਥਾਨਕ ਨਿਵਾਸੀ ਵੀ ਹਾਜ਼ਰ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ, ਮੁੱਦਿਆਂ ਅਤੇ ਭਲਾਈ ਲਈ ਮੋਹਰੀ ਹੋ ਕੇ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਜ਼ਮੀਨੀ ਪੱਧਰ ‘ਤੇ ਕਾਂਗਰਸ ਪਾਰਟੀ ਪ੍ਰਤੀ ਆਮ ਜਨਤਾ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਕਾਂਗਰਸ ਵਿੱਚ ਸ਼ਾਮਲ ਹੋਏ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਉਹ ਪਾਰਟੀ ਦੀ ਲੋਕ-ਪੱਖੀ ਸੋਚ ਅਤੇ ਵਿਕਾਸਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਇਲਾਕੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਾਂਗਰਸ ਲੀਡਰਸ਼ਿਪ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਮੋਹਿਤ ਮੋਹਿੰਦਰਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਟੀਚਾ ਹਰ ਨਾਗਰਿਕ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕ-ਮੁੱਦਿਆਂ ਨੂੰ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਲੋਨੀ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਜਨ-ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।







