Homeਪੰਜਾਬਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਸ਼ਹਿਰ ਵਿੱਚ...

ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਸ਼ਹਿਰ ਵਿੱਚ ਸਫਾਈ ਮੁਹਿੰਮ ਦੀ ਅਗਵਾਈ

MLA Narinder Kaur Bharaj Leads Cleanliness Drive in Sangrur

ਸੰਗਰੂਰ, 30 ਅਗਸਤ, 2026 (ਰਾਜੇਸ਼ ਕੁਮਾਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਸ਼ਹਿਰ ਵਿੱਚ ਚਲਾਈ ਗਈ ਵਿਸ਼ੇਸ਼ ਸਫਾਈ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਖੰਡਾ ਚੌਕ ਤੋਂ ਹਰੀਪੁਰਾ ਹੁੰਦੇ ਹੋਏ ਪੂਨੀਆ ਟਾਵਰ ਤਕ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਖੁਦ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੰਗਰੂਰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜਾ ਇਕੱਠਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਉਪਰੰਤ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਮੁੜ ਸੁਚਾਰੂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਸੜਕਾਂ ਅਤੇ ਜਨਤਕ ਥਾਵਾਂ ਤੋਂ ਕੂੜਾ ਹਟਾਉਣਾ ਹੀ ਨਹੀਂ, ਸਗੋਂ ਸ਼ਹਿਰ ਵਿੱਚ ਸਥਾਈ ਤੌਰ ’ਤੇ ਬਿਹਤਰ ਸਫਾਈ ਪ੍ਰਬੰਧ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਦੱਸਿਆ ਕਿ ਸਫਾਈ ਮੁਹਿੰਮ ਵਿੱਚ ਨਗਰ ਕੌਂਸਲ ਦੇ ਈ.ਓ., ਕੌਂਸਲਰਾਂ, ਸਫਾਈ ਕਰਮਚਾਰੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਸਾਂਝੇ ਤੌਰ ’ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੀਵਰੇਜ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਲਾਈਨਾਂ ਦੇ ਬੰਦ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਕੰਪਨੀ ਦਾ ਟੈਂਡਰ ਰੱਦ ਕੀਤੇ ਜਾਣ ਤੋਂ ਬਾਅਦ ਨਗਰ ਕੌਂਸਲ ਵੱਲੋਂ ਕਰੀਬ 17 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਦੀ ਸਫਾਈ ਲਈ ਨਵਾਂ ਟੈਂਡਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਪਿਛਲੇ ਕਰੀਬ ਡੇਢ ਮਹੀਨੇ ਤੋਂ ਲਗਾਤਾਰ ਜਾਰੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋੜ ਅਨੁਸਾਰ ਮਸ਼ੀਨਰੀ ਲਗਾ ਕੇ ਸੀਵਰੇਜ ਦੀ ਸਫਾਈ ਕੀਤੀ ਜਾ ਰਹੀ ਹੈ। ਵਿਧਾਇਕ ਨੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਵੱਡੀਆਂ ਸਕਸ਼ਨ ਮਸ਼ੀਨਾਂ ਦੇ ਨਾਲ-ਨਾਲ ਛੋਟੀਆਂ ਮਸ਼ੀਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਆਵਾਜਾਈ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਅਤੇ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ, ਇਸ ਲਈ ਕਈ ਥਾਵਾਂ ’ਤੇ ਰਾਤ 10 ਵਜੇ ਤੋਂ ਬਾਅਦ ਸੀਵਰੇਜ ਸਫਾਈ ਦੇ ਕੰਮ ਕੀਤੇ ਜਾ ਰਹੇ ਹਨ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅਤੇ ਦੁਕਾਨਾਂ ਦਾ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਅਤੇ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਸਫਾਈ ਜਾਂ ਸੀਵਰੇਜ ਨਾਲ ਸਬੰਧਤ ਕੋਈ ਸਮੱਸਿਆ ਰਹਿ ਜਾਂਦੀ ਹੈ ਤਾਂ ਲੋਕ ਇਸ ਦੀ ਸੂਚਨਾ ਤੁਰੰਤ ਵਿਧਾਇਕ ਦੇ ਦਫ਼ਤਰ, ਨਗਰ ਕੌਂਸਲ ਦੇ ਪ੍ਰਧਾਨ ਜਾਂ ਕਾਰਜਸਾਧਕ ਅਫ਼ਸਰ (ਈ.ਓ.) ਨੂੰ ਦੇਣ, ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕਰਵਾਇਆ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਫਾਈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੇ ਇੱਕ ਮਹੀਨੇ ਦੇ ਅੰਦਰ ਅੰਦਰ ਸੰਗਰੂਰ ਸ਼ਹਿਰ ਨੂੰ ਕੂੜੇ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਤੋਂ ਵੱਡੀ ਹੱਦ ਤੱਕ ਮੁਕਤ ਕਰਦਿਆਂ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫਲ ਬਣਾਉਣ ਲਈ ਸਰਕਾਰੀ ਮਸ਼ੀਨਰੀ, ਸਫਾਈ ਕਰਮਚਾਰੀਆਂ, ਸਥਾਨਕ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਵੱਖ ਵੱਖ ਕੌਂਸਲਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments