ਚੰਡੀਗੜ੍ਹ, 31 ਅਗਸਤ, 2026 (ਹਰਸ਼ਪ੍ਰੀਤ ਕੌਰ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਦੀ ਸੂਬਾਈ ਲੀਡਰਸ਼ਿਪ ਨਾਲ ਅਹਿਮ ਮੀਟਿੰਗਾਂ ਕਰਨਗੇ। ਭਾਜਪਾ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਅਨੁਸਾਰ ਡਾ. ਸਤੀਸ਼ ਪੂਨੀਆ ਦੁਪਹਿਰ ਕਰੀਬ 2 ਵਜੇ ਭਾਜਪਾ ਦਫ਼ਤਰ ਪਹੁੰਚਣਗੇ। ਇਸ ਤੋਂ ਬਾਅਦ ਉਹ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਡਾ. ਪੂਨੀਆ ਵੱਲੋਂ ਪੰਜਾਬ ਭਾਜਪਾ ਦੀ ਕੋਰ ਕਮੇਟੀ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਹ ਸੂਬਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਮੁਲਾਕਾਤ ਕਰਨਗੇ। ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਸੂਬਾਈ ਸਿਆਸਤ ਅਤੇ ਸੰਗਠਨਾਤਮਕ ਤਿਆਰੀਆਂ ਨੂੰ ਲੈ ਕੇ ਇਨ੍ਹਾਂ ਮੀਟਿੰਗਾਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਡਾ. ਪੂਨੀਆ ਵੱਲੋਂ ਸੂਬੇ ਨਾਲ ਸਬੰਧਤ ਪਾਰਟੀ ਦੇ ਰੁਖ ਅਤੇ ਹੋਰ ਅਹਿਮ ਮੁੱਦਿਆਂ ’ਤੇ ਵੀ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ।







