Homeਪਟਿਆਲਾ ਅਪਡੇਟਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਬਾਹਰ ਕੱਚੇ ਸਿਹਤ ਮੁਲਾਜ਼ਮਾਂ ਦਾ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਬਾਹਰ ਕੱਚੇ ਸਿਹਤ ਮੁਲਾਜ਼ਮਾਂ ਦਾ ਧਰਨਾ, ਪੱਕਾ ਕਰਨ ਦੀ ਮੰਗ

Health workers demand job regularisation, equal pay for equal work and changes to outsourcing policies.

ਪਟਿਆਲਾ, 1 ਸਤੰਬਰ, 2026 (ਬਲਜੀਤ ਸਰਨਾ) : ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਅਤੇ ਆਊਟਸੋਰਸ ਤੇ ਕੰਟਰੈਕਟ ਭਰਤੀ ਦੀ ਨੀਤੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਸਿਹਤ ਵਿਭਾਗ ਦੇ ਮੁਲਾਜ਼ਮ ਆਗੂ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਘੱਟ ਤਨਖ਼ਾਹ ’ਤੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੇ ਦੋਸ਼ ਮੁਤਾਬਕ ਕਈ ਮੁਲਾਜ਼ਮ ਕਰੀਬ 10 ਹਜ਼ਾਰ ਰੁਪਏ ਮਹੀਨਾ ਤਨਖ਼ਾਹ ’ਤੇ ਕੰਮ ਕਰਨ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰੀ ਰੁਜ਼ਗਾਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਜਦਕਿ ਦੂਜੇ ਪਾਸੇ ਆਊਟਸੋਰਸ ਅਤੇ ਕੰਟਰੈਕਟ ਭਰਤੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਉਹ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਗੁਰਜਿੰਦਰ ਸਿੰਘ ਔਲਖ ਨੇ ਦਾਅਵਾ ਕੀਤਾ ਕਿ ਸਿਹਤ ਵਿਭਾਗ ਵਿੱਚ 10 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮ ਸੇਵਾਵਾਂ ਦੇ ਰਹੇ ਹਨ, ਪਰ ਕੁਝ ਸ਼੍ਰੇਣੀਆਂ ਦੇ ਮੁਲਾਜ਼ਮਾਂ ਨੂੰ ਹੀ ਪੱਕਾ ਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਬਾਕੀ ਰਹਿੰਦੇ ਮੁਲਾਜ਼ਮਾਂ ਦੇ ਭਵਿੱਖ ਬਾਰੇ ਕੀ ਫ਼ੈਸਲਾ ਲਿਆ ਜਾਵੇਗਾ। ਮੁਲਾਜ਼ਮ ਆਗੂ ਨੇ ਕਿਹਾ ਕਿ ‘ਬਰਾਬਰ ਕੰਮ-ਬਰਾਬਰ ਤਨਖ਼ਾਹ’ ਦੀ ਮੰਗ ਵੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਕੱਚੇ ਮੁਲਾਜ਼ਮ ਪੱਕੇ ਮੁਲਾਜ਼ਮਾਂ ਵਾਂਗ ਹੀ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਉਸ ਦੇ ਮੁਕਾਬਲੇ ਕਾਫ਼ੀ ਘੱਟ ਤਨਖ਼ਾਹ ਮਿਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੀਤੀਆਂ ਅਤੇ ਬਿੱਲਾਂ ਵਿੱਚ ਲੋੜੀਂਦੀਆਂ ਸੋਧਾਂ ਕਰਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ, ਪਰ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।

ਪ੍ਰਸ਼ਾਸਨ ਦੀ ਅਪੀਲ ’ਤੇ ਰੋਸ ਮਾਰਚ ਦਾ ਪ੍ਰੋਗਰਾਮ ਰੋਕਿਆ

ਮੁਲਾਜ਼ਮਾਂ ਨੇ ਦੱਸਿਆ ਕਿ ਧਰਨੇ ਤੋਂ ਬਾਅਦ ਰੋਸ ਮਾਰਚ ਅਤੇ ਸਿਹਤ ਮੰਤਰੀ ਦਾ ਪੁਤਲਾ ਫੂਕਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਸੀ। ਹਾਲਾਂਕਿ ਪ੍ਰਸ਼ਾਸਨ ਵੱਲੋਂ ਗੱਲਬਾਤ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਮੁਲਾਜ਼ਮਾਂ ਨੇ ਕੁਝ ਸਮੇਂ ਲਈ ਇਹ ਪ੍ਰੋਗਰਾਮ ਰੋਕ ਦਿੱਤਾ। ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੀਟਿੰਗ ਸਬੰਧੀ ਲਿਖਤੀ ਪੱਤਰ ਅਤੇ ਠੋਸ ਭਰੋਸਾ ਦਿੱਤਾ ਜਾਂਦਾ ਹੈ ਤਾਂ ਮੁਲਾਜ਼ਮ ਅਗਲੇ ਕਦਮ ਬਾਰੇ ਵਿਚਾਰ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਉਹ ਸਿਰਫ਼ ਭਰੋਸਿਆਂ ਦੀ ਬਜਾਏ ਸਰਕਾਰ ਵੱਲੋਂ ਆਪਣੀਆਂ ਮੰਗਾਂ ’ਤੇ ਠੋਸ ਫ਼ੈਸਲੇ ਦੀ ਉਮੀਦ ਕਰ ਰਹੇ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments