Homeਪਟਿਆਲਾ ਅਪਡੇਟਮ੍ਰਿਤਕ PRTC ਮੁਲਾਜ਼ਮ ਦੇ ਪਰਿਵਾਰ ਨੂੰ 50-55 ਲੱਖ ਦੀ ਵਿੱਤੀ ਮਦਦ, ਧੀ...

ਮ੍ਰਿਤਕ PRTC ਮੁਲਾਜ਼ਮ ਦੇ ਪਰਿਵਾਰ ਨੂੰ 50-55 ਲੱਖ ਦੀ ਵਿੱਤੀ ਮਦਦ, ਧੀ ਨੂੰ ਬਾਲਗ ਹੋਣ ’ਤੇ ਨੌਕਰੀ ਦਾ ਭਰੋਸਾ

PRTC provides financial assistance to a deceased employee’s family and assures a job for his minor daughter after she becomes an adult.

ਪਟਿਆਲਾ, 2 ਸਤੰਬਰ, 2026 (ਬਲਜੀਤ ਸਰਨਾ) : ਕੁਝ ਦਿਨ ਪਹਿਲਾਂ ਹਾਦਸੇ ਵਿੱਚ PRTC ਦੇ ਇੱਕ ਮੁਲਾਜ਼ਮ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਵਿਭਾਗ ਵੱਲੋਂ ਲਗਾਤਾਰ ਸਹਾਇਤਾ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ PRTC ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ MOU ਦੀਆਂ ਸ਼ਰਤਾਂ ਅਨੁਸਾਰ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਗਿਆ। ਇਸ ਮੌਕੇ PRTC ਦੇ ਚੇਅਰਮੈਨ ਹਰਪਾਲ ਜੁਨੇਜਾ, ਮੈਨੇਜਿੰਗ ਡਾਇਰੈਕਟਰ ਮੁਨੀਸ਼ਾ ਰਾਣਾ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ PRTC ਦਾ ਹਰ ਮੁਲਾਜ਼ਮ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਹੈ ਅਤੇ ਮੁਸ਼ਕਲ ਸਮੇਂ ਵਿੱਚ ਉਸ ਦੇ ਪਰਿਵਾਰ ਨਾਲ ਖੜ੍ਹਨਾ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਦੀ ਮੌਤ ਵਾਲੇ ਦਿਨ ਵੀ ਪਰਿਵਾਰ ਨੂੰ ਕਰੀਬ 18 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਬੈਂਕ ਨਾਲ ਹੋਏ ਸਮਝੌਤੇ ਤਹਿਤ ਇਨਸ਼ੋਰੈਂਸ ਪਾਲਿਸੀ ਰਾਹੀਂ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨੂੰ ਲਗਭਗ 50 ਤੋਂ 55 ਲੱਖ ਰੁਪਏ ਦੀ ਹੋਰ ਆਰਥਿਕ ਸਹਾਇਤਾ ਦਿੱਤੀ ਗਈ ਹੈ।
PRTC ਵੱਲੋਂ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਦੀ ਇੱਕ ਨਾਬਾਲਗ ਧੀ ਨੂੰ ਭਵਿੱਖ ਵਿੱਚ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਧੀ ਦੇ ਬਾਲਗ ਹੋਣ ਤੋਂ ਬਾਅਦ ਉਸ ਨੂੰ PRTC ਵਿਭਾਗ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ। PRTC ਦੀ MD ਮੁਨੀਸ਼ਾ ਰਾਣਾ ਨੇ ਕਿਹਾ ਕਿ ਕਿਸੇ ਆਪਣੇ ਦੇ ਜਾਣ ਦਾ ਦੁੱਖ ਕਦੇ ਪੂਰਾ ਨਹੀਂ ਹੋ ਸਕਦਾ ਅਤੇ ਨਾ ਹੀ ਉਸ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਹਾਲਾਂਕਿ ਪਰਿਵਾਰ ਦੀ ਜ਼ਿੰਦਗੀ ਦੇ ਗੁਜ਼ਾਰੇ ਲਈ ਦਿੱਤੀ ਗਈ ਵਿੱਤੀ ਸਹਾਇਤਾ ਮੁਸ਼ਕਲ ਸਮੇਂ ਵਿੱਚ ਵੱਡਾ ਸਹਾਰਾ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ PRTC ਆਪਣੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਖੜ੍ਹਾ ਰਹੇਗਾ।
ਇਸ ਮੌਕੇ AAP ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਬਾਦਲ ਪਰਿਵਾਰ ਨਾਲ ਸਬੰਧਤ ਟਰਾਂਸਪੋਰਟ ਕੰਪਨੀ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ PRTC ਪੰਜਾਬ ਦੀ ਵਿਰਾਸਤ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਵਿਰਾਸਤ ਨੂੰ ਮਜ਼ਬੂਤ ਕਰਨ ਅਤੇ ਬਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਮਜੀਠੀਆ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਬਾਰੇ ਬੋਲਦਿਆਂ ਪੰਨੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਵੀ ਕਈ ਤਸਵੀਰਾਂ ਹਨ ਅਤੇ ਉਹ ਵੀ ਜ਼ਰੂਰਤ ਪੈਣ ’ਤੇ ਸਾਹਮਣੇ ਲਿਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਜਿਨ੍ਹਾਂ ਲੋਕਾਂ ’ਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿੱਚ ਧੱਕਣ ਦੇ ਦੋਸ਼ ਲੱਗਦੇ ਰਹੇ ਹਨ, ਉਨ੍ਹਾਂ ਨੂੰ ਦੂਜਿਆਂ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣੀ ਕਾਰਗੁਜ਼ਾਰੀ ਬਾਰੇ ਸੋਚਣਾ ਚਾਹੀਦਾ ਹੈ।
ਕਾਂਗਰਸ ਪਾਰਟੀ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਬਾਰੇ ਪੁੱਛੇ ਸਵਾਲ ’ਤੇ ਬਲਤੇਜ ਪੰਨੂ ਨੇ ਕਿਹਾ ਕਿ ਇੱਕ ਕੁਰਸੀ ਲਈ ਕਈ ਦਾਅਵੇਦਾਰ ਹਨ ਅਤੇ ਅੰਦਰੂਨੀ ਤਕਰਾਰ ਕਾਰਨ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪਟਿਆਲਾ-ਸਰਹਿੰਦ ਰੋਡ ਦਾ ਜ਼ਿਕਰ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਸੜਕ ਲੰਬੇ ਸਮੇਂ ਤੱਕ ਸਮੱਸਿਆ ਬਣੀ ਰਹੀ, ਜਦਕਿ ਮੌਜੂਦਾ ਸਰਕਾਰ ਵੱਲੋਂ ਇਸ ਨੂੰ ਫੋਰ-ਲੇਨ ਕਰਨ ਦਾ ਕੰਮ ਕੀਤਾ ਗਿਆ ਹੈ। ਰਵਨੀਤ ਬਿੱਟੂ ਦੇ ਟਵੀਟ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਨੂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਿਸ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ, ਉਸ ਤਰ੍ਹਾਂ ਦੀ ਕਾਰਵਾਈ ਹੋਰ ਕਿਤੇ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਦੇਖ ਚੁੱਕੇ ਹਨ ਅਤੇ ਮੌਜੂਦਾ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ 2027 ਵਿੱਚ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments