ਫ਼ਤਹਿਗੜ੍ਹ ਸਾਹਿਬ, 04 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ ਖਾਸ ਤੌਰ ‘ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਧਾਰਮਿਕ ਸਥਾਨਾਂ ‘ਤੇ ਬੀਤੇ ਸਮੇਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਤਨਾਅ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤ ਵਿੱਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ। ਇਹ ਹੁਕਮ 28 ਅਕਤੂਬਰ, 2026 ਤੱਕ ਲਾਗੂ ਰਹਿਣਗੇ।







