ਅਮਲੋਹ/ਬਸੀ ਪਠਾਣਾ, 09 ਸਤੰਬਰ, 2026 (ਕਾਜਲ) : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਅੰਦਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਸਵੀਪ ਤਹਿਤ ਸਰਕਾਰੀ ਆਈ.ਟੀ.ਆਈ., ਬਸੀ ਪਠਾਣਾ ਅਤੇ ਮਾਘੀ ਮੈਮੋਰੀਅਲ ਕਾਲਜ ਫਾਰ ਵੂਮੈਨ, ਅਮਲੋਹ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਸੈਮੀਨਾਰ ਦੌਰਾਨ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਦੇ ਅਧਿਕਾਰਾਂ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ ਜਲਦ ਹੀ 18 ਸਾਲ ਦੇ ਹੋਣ ਵਾਲੇ ਹਨ, ਉਹ ਆਪਣੀ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸ ਤੋਂ ਇਲਾਵਾ ਉਹ ਚੋਣ ਕਮਿਸ਼ਨ ਦੀ ਵੈੱਬਸਾਈਟ Voters.eci.gov.in ਜਾਂ ECINET ਐਪ ਰਾਹੀਂ ਆਨਲਾਈਨ ਫਾਰਮ ਨੰਬਰ 6 ਭਰ ਕੇ ਆਪਣਾ ਨਾਮ ਨਵੇਂ ਵੋਟਰ ਵਜੋਂ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹਨ।
ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਵੋਟਰ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਆਪਣੀ ਵੋਟ ਬਣਵਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਹੋਰ ਯੋਗ ਨੌਜਵਾਨਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ।







