ਪਟਿਆਲਾ, 9 ਸਤੰਬਰ, 2026 (ਦੀਪਕ ਦੱਤਾ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅਨਾਜ ਮੰਡੀ, ਸਰਹਿੰਦ ਰੋਡ (ਹਲਕਾ ਪਟਿਆਲਾ ਦਿਹਾਤੀ) ਵਿਖੇ 10 ਸਤੰਬਰ ਦੀ ਸ਼ਾਮ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਤਕਨਾਲੋਜੀ ਅਤੇ ਸੱਭਿਆਚਾਰ ਦਾ ਸੁੰਦਰ ਸੁਮੇਲ ਪੇਸ਼ ਕਰੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਰਹਿੰਦ ਰੋਡ ਅਨਾਜ ਮੰਡੀ ਵਿਖੇ ਪਹੁੰਚ ਕੇ ਇਸ ਯਾਦਗਾਰੀ ਡਰੋਨ ਸ਼ੋਅ ਦੇ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।







