ਟਾਂਡਾ ਉੜਮੁੜ, 11 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਕੈਨੇਡਾ ਦੇ ਓਟਾਵਾ ਸ਼ਹਿਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਟਾਂਡਾ ਨਾਲ ਸਬੰਧਤ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬ੍ਰਹਮਜੋਤ ਸਿੰਘ, ਪੁੱਤਰ ਗੁਰਪ੍ਰੀਤ ਸਿੰਘ ਸੋਢੀ, ਵਾਸੀ ਟਾਂਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੁੱਧਵਾਰ ਦੇਰ ਰਾਤ ਕਰੀਬ 12:45 ਵਜੇ ਓਲਡ ਰਿਚਮੰਡ ਰੋਡ ਨੇੜੇ ਫੈਲੋਫੀਲਡ ਰੋਡ ’ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬ੍ਰਹਮਜੋਤ ਸਿੰਘ ਆਪਣੀ ਕਾਰ ਵਿੱਚ ਜਾ ਰਿਹਾ ਸੀ, ਜਦੋਂ ਉਸ ਦੀ ਗੱਡੀ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਬ੍ਰਹਮਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੀ ਕਾਰ ਚਲਾ ਰਿਹਾ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਬ੍ਰਹਮਜੋਤ ਸਿੰਘ ਲਗਭਗ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਟਾਂਡਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ।







