ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਟੋਹਾਣਾ, 17 ਸਤੰਬਰ (ਸੰਜੀਵ ਸ਼ਰਮਾ): ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੀਰਵਾਰ ਨੂੰ ਆਯੋਜਿਤ ਉਪਮੰਡਲ ਪੱਧਰੀ ਸਮਾਧਾਨ ਕੈਂਪ ਵਿੱਚ ਐਸਡੀਐਮ ਆਕਾਸ਼ ਸ਼ਰਮਾ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨ ਸੇਵਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹੈ ਅਤੇ ਹਰੇਕ ਸ਼ਿਕਾਇਤ ਦਾ ਨਿਰਧਾਰਤ ਸਮਾਂ–ਸੀਮਾ ਅੰਦਰ ਗੁਣਵੱਤਾਪੂਰਨ ਹੱਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਐਸਡੀਐਮ ਆਕਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਅਤੇ ਉਪਮੰਡਲ ਪੱਧਰ ’ਤੇ ਨਿਯਮਿਤ ਤੌਰ ’ਤੇ ਸਮਾਧਾਨ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਇੱਕੋ ਥਾਂ ’ਤੇ ਵੱਖ–ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਨੂੰ ਵਾਰ–ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਸਮਾਧਾਨ ਕੈਂਪ ਦੌਰਾਨ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਵਿੱਚ ਆਮਦਨ ਸਬੰਧੀ ਸੋਧ, ਨਵੇਂ ਮੈਂਬਰਾਂ ਦੀ ਰਜਿਸਟ੍ਰੇਸ਼ਨ, ਰਾਸ਼ਨ ਕਾਰਡ, ਬਿਜਲੀ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਪ੍ਰਾਪਤ ਹੋਈਆਂ। ਐਸਡੀਐਮ ਨੇ ਸਾਰੀਆਂ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੇਜਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮਾਂ–ਸੀਮਾ ਅੰਦਰ ਹੱਲ ਯਕੀਨੀ ਬਣਾਇਆ ਜਾਵੇ।
ਐਸਡੀਐਮ ਆਕਾਸ਼ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਅਰਜ਼ੀ ਜਾਂ ਲੋਕ ਸ਼ਿਕਾਇਤ ਨੂੰ ਬੇਵਜ੍ਹਾ ਲੰਬਿਤ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੌਰਾਨ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣਾ ਜ਼ਰੂਰੀ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਹੀ ਸੁਸ਼ਾਸਨ ਦੀ ਪਛਾਣ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਧਾਨ ਕੈਂਪਾਂ ਵਿੱਚ ਪਹੁੰਚ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਹਰ ਸੋਮਵਾਰ ਅਤੇ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ ਲਗਾਏ ਜਾਂਦੇ ਹਨ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।







